ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਯੋਗਾ ਕਰਕੇ ਸਿੱਖ ਸੰਗਤ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ ਸੀ।
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ‘ਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪਰਿਕਰਮਾ ‘ਚ ਕੋਈ ਸ਼ਰਾਰਤੀ ਅਨਸਰ ਕਿਸੇ ਕਿਸਮ ਦੀ ਸ਼ਰਾਰਤ ਨਾ ਕਰ ਸਕੇ, ਇਸ ਲਈ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਪੂਰੀ ਤਿਆਰੀ ਕੀਤੀ ਹੈ। ਦੱਸ ਦੇਈਏ ਕੀ ਬੀਤੇ ਸਾਲ ਅਰਚਨਾ ਮਕਵਾਨਾ ਨਾਂ ਦੀ ਇੱਕ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਯੋਗ ਕਰਦੇ ਹੋਏ ਫੋਟੋਆਂ ਖਿੱਚਵਾਈਆਂ ਸਨ ਤੇ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀਆਂ ਸਨ, ਜਿਸ ਤੋਂ ਬਾਅਦ ਵਿਵਾਦ ਖੜਾ ਹੋ ਗਿਆ ਹੈ। ਹਾਲਾਂਕਿ, ਵਿਵਾਦ ਵੱਧਦਾ ਦੇਖ ਅਰਚਨਾ ਮਕਵਾਨਾ ਨੇ ਬਾਅਦ ‘ਚ ਮੁਆਫ਼ੀ ਵੀ ਮੰਗੀ ਸੀ।
ਇਸ ਵਾਰ ਅਜਿਹਾ ਨਾ ਹੋਵੇ ਇਸ ਲਈ ਪੁਖ਼ਤਾ ਪ੍ਰਬੰਧ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹਦਾਇਤਾ ਤੇ ਸਕੱਤਰ ਪ੍ਰਤਾਪ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਬੀਤੇ ਸਾਲ ਅਰਚਨਾ ਮਕਵਾਨਾ ਨਾਮਕ ਇੱਕ ਲੜਕੀ ਨੇ ਸਿੱਖ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਯੋਗਾ ਕਰਕੇ ਸਿੱਖ ਸੰਗਤ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ ਸੀ।
ਇਸ ਵਾਰ ਅਜਿਹਾ ਨਾ ਹੋਵੇ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਤੋਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੈਨੇਜਰ ਧੰਗੇੜਾ ਨੇ ਦਸਿਆ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਤੇ ਵਾਧੂ ਸੇਵਾਦਾਰ ਤੈਨਾਤ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੇ ਸਟਾਫ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਤਰਾਂ ਦਾ ਸ਼ੱਕੀ ਵਿਅਕਤੀ ਨਜ਼ਰ ਆਉਦਾ ਹੈ ਤਾਂ ਸਬੰਧਤ ਜਗ੍ਹਾ ਤੇ ਤੈਨਾਤ ਸੇਵਾਦਾਰਾਂ ਨੂੰ ਫੋਨ ਜਾਂ ਵਾਕੀ ਟਾਕੀ ਸੈਟ ਦੀ ਮਦਦ ਨਾਲ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਪਲਾਜਾ ‘ਤੇ ਗਲਿਆਰੇ ਵਿਖੇ ਵੀ ਸਟਾਫ ਤੈਨਾਤ ਕੀਤਾ ਗਿਆ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਵੱਲੋਂ ਸੰਗਤਾਂ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਸ੍ਰੀ ਦਰਬਾਰ ਸਾਹਿਬ ਆਉਣ ਸਮੇਂ ਸਿੱਖ ਪਰੰਪਰਾਵਾਂ ਦਾ ਖਾਸ ਧਿਆਨ ਰੱਖਿਆ ਜਾਵੇ ਤੇ ਕੋਈ ਅਜਿਹੀ ਹਰਕਤ ਨਾ ਕੀਤੀ ਜਾਵੇ ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੇ।
ਦੱਸ ਦੇਈਏ ਕਿ ਕੁਝ ਸਿੱਖ ਜਥੇਬੰਦੀਆਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਬਰਾਬਰ ਗਤਕਾ ਦਿਵਸ ਮਨਾਉਣ ਦਾ ਵੀ ਐਲਾਨ ਕੀਤਾ ਹੈ।