ਪੰਜਾਬ ਪੁਲਿਸ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਜਾਣਕਾਰੀ ਦਿੱਤੀ ਕਿ ਸ਼ੁਰੂਆਤੀ ਜਾਂਚ ‘ਚ ਪਤਾ ਚੱਲਿਆ ਹੈ।
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਦੋ ਸ਼ੱਕੀ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਹਾਂ ਦਾ ਪਾਕਿਸਤਾਨ ਖੁਫ਼ੀਆ ਏਜੰਸੀ ਆਈਐਸਆਈ ਨਾਲ ਸੰਪਰਕ ਹੋਣ ਦਾ ਸ਼ੱਕ ਹੈ। ਮੁਲਜ਼ਮਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੌਜੀ ਤੇ ਸਾਹਿਲ ਮਸੀਹ ਉਰਫ਼ ਸ਼ਾਲੀ ਵਜੋਂ ਹੋਈ ਹੈ।
ਪੰਜਾਬ ਪੁਲਿਸ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਜਾਣਕਾਰੀ ਦਿੱਤੀ ਕਿ ਸ਼ੁਰੂਆਤੀ ਜਾਂਚ ‘ਚ ਪਤਾ ਚੱਲਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨ ਦੇ ਆਈਐਸਆਈ ਏਜੰਟਾਂ ਨਾਲ ਸਿੱਧੇ ਸੰਪਰਕ ‘ਚ ਸੀ। ਉਹ ਪੈੱਨਡ੍ਰਾਈਵ ਰਾਹੀਂ ਖੁਫ਼ੀਆ ਤੇ ਸੰਵੇਦਨਾਸ਼ੀਲ ਜਾਣਕਾਰੀਆਂ ਸਾਂਝਾ ਕਰ ਰਿਹਾ ਸੀ। ਇਸ ਮਾਮਲੇ ‘ਚ ਮੁੱਖ ਆਈਐਸਆਈ ਹੈਂਡਲਰ ਦੀ ਪਹਿਚਾਣ ਰਾਣਾ ਜਾਵੇਦ ਵਜੋਂ ਹੋਈ ਹੈ।
ਮੋਬਾਈਲ ਫ਼ੋਨ ਕੀਤੇ ਜ਼ਬਤ
ਪੁਲਿਸ ਨੇ ਮੁਲਜ਼ਮਾਂ ਤੋਂ ਦੋ ਮੋਬਾਈਲ ਜ਼ਬਤ ਕੀਤੇ ਹਨ। ਇਨ੍ਹਾਂ ਮੋਬਾਈਲਾਂ ਦਾ ਇਸਤੇਮਾਲ ਆਈਐਸਆਈ ਏਜੰਟਾਂ ਨਾਲ ਸੰਪਰਕ ਕਰਨ ਲਈ ਕੀਤਾ ਜਾਂਦਾ ਸੀ। ਫ਼ਿਲਹਾਲ ਮੋਬਾਈਲ ਫ਼ੋਨਾਂ ਨੂੰ ਫੋਰੈਂਸਿਕ ਜਾਂਚ ਤੇ ਸਾਈਬਰ ਜਾਂਚ ਲਈ ਭੇਜ ਦਿੱਤਾ ਗਿਆ ਹੈ, ਤਾਂ ਜੋ ਖੁਫ਼ੀਆ ਜਾਣਕਾਰੀ ਹਾਸਿਲ ਕੀਤੀ ਜਾ ਸਕੇ।
ਪੁਲਿਸ ਹੁਣ ਇਸ ਜਾਸੂਸੀ ਨੈੱਟਵਰਕ ਦਾ ਪਤਾ ਲਗਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਮੁਲਜ਼ਮਾਂ ਦੇ ਹੋਰ ਸਾਥੀਆਂ ਦਾ ਪਤਾ ਲਗਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਬਾਹ ਕੀਤਾ ਜਾ ਸਕੇ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰੱਖਿਆ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ। ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।