ਐਸਜੀਪੀ ਨੇ ਕਿਸੇ ਵੀ ਸੰਭਾਵਿਤ ਟਕਰਾਅ ਤੋਂ ਬਚਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਭੇਜ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਗਠਿਤ ਕੀਤੀ ਗਈ ਕਮੇਟੀ ਹੁਣ ਆਪਣਾ ਨਵਾਂ ਪ੍ਰਧਾਨ ਚੁਣਨ ਦੇ ਅੰਤਿਮ ਪੜਾਅ ‘ਤੇ ਹੈ। ਇਸੇ ਸਿਲਸਿਲੇ ‘ਚ ਭਰਤੀ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਚਿੱਠੀ ਭੇਜ ਕੇ 11 ਅਗਸਤ ਨੂੰ ਤੇਜਾ ਸਿੰਘ ਸਮੁੰਦਰੀ ਹਾਲ ‘ਚ ਮੀਟਿੰਗ ਕਰਨ ਦੀ ਇਜਾਜ਼ਤ ਮੰਗੀ ਹੈ।
ਐਸਜੀਪੀ ਨੇ ਕਿਸੇ ਵੀ ਸੰਭਾਵਿਤ ਟਕਰਾਅ ਤੋਂ ਬਚਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਭੇਜ ਦਿੱਤੀ ਹੈ। ਇਹ ਕਦਮ ਅਕਾਲੀ ਦਲ ਤੇ ਭਰਤੀ ਕਮੇਟੀ ਵਿਚਕਾਰ ਕੋਈ ਵਿਵਾਦ ਨਾ ਹੋਵੇ, ਦੀ ਕੋਸ਼ਿਸ਼ ਦੇ ਤੌਰ ‘ਤੇ ਹੀ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਭਰਤੀ ਕਮੇਟੀ ਦੇ ਇਸ ਕਦਮ ਤੋਂ ਅਕਾਲੀ ਦਲ ਅੰਦਰ ਕੋਈ ਨਵਾਂ ਵਿਵਾਦ ਖੜ੍ਹਾ ਹੋ ਸਕਦਾ ਹੈ।
ਅਕਾਲੀ ਦਲ ਅੰਦਰ ਮਤਭੇਦ ਪਹਿਲੇ ਵੀ ਸਾਹਮਣੇ ਆ ਚੁੱਕੇ ਹਨ ਤੇ ਜੇਕਰ ਹੁਣ ਦੁਬਾਰਾ ਕੁੱਝ ਅਜਿਹਾ ਵਿਵਾਦ ਹੁੰਦਾ ਹੈ ਤਾਂ ਇਸ ਦਾ ਸਿੱਧਾ ਅਸਰ ਤਰਨਤਾਰਨ ‘ਚ ਹੋਣ ਵਾਲੀ ਜ਼ਿਮਨੀ ਚੋਣ ‘ਤੇ ਦੇਖਿਆ ਜਾ ਸਕਦਾ ਹੈ।
ਤੇਜਾ ਸਿੰਘ ਸਮੁੰਦਰੀ ਹਾਲ ‘ਚ ਬੁਲਾਣਾ ਚਾਹੁੰਦੇ ਹਨ ਇਜਲਾਸ
ਅਕਾਲੀ ਦਲ ਭਰਤੀ ਕਮੇਟੀ ਦੇ ਪੰਜ ਮੈਂਬਰ ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰ, ਇਕਬਾਲ ਸਿੰਘ ਝੂੰਡਾ ਤੇ ਬੀਬੀ ਸਤਵੰਤ ਕੌਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਭਰਤੀ ਪ੍ਰਕਿਰਿਆ ਹੋ ਚੁੱਕੀ ਹੈ। 11 ਅਗਸਤ ਨੂੰ ਨਵਾਂ ਪ੍ਰਧਾਨ ਚੁਣਨ ਲਈ ਜਨਰਲ ਇਜਲਾਸ ਬੁਲਾਇਆ ਜਾ ਰਿਹਾ ਹੈ। ਕਮੇਟੀ ਚਾਹੁੰਦੀ ਹੈ ਕਿ ਇਹ ਇਜਲਾਸ ਐਸਜੀਪੀਸੀ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ‘ਚ ਬੁਲਾਇਆ ਜਾਵੇ।
ਐਸਜੀਪੀਸੀ ਦੇ ਮੈਂਬਰ ਕੁਲਵੰਤ ਸਿੰਘ ਮਨਨ ਨੇ ਜਾਣਕਾਰੀ ਦਿੱਤੀ ਕਿ ਭਰਤੀ ਕਮੇਟੀ ਵੱਲੋਂ ਚਿੱਠੀ ਭੇਜੀ ਗਈ ਹੈ। ਇਸ ‘ਤੇ ਵਿਚਾਰ ਕਰਨ ਲਈ ਇਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਗਿਆ ਹੈ, ਜੋ ਵੀ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੋਵੇਗਾ, ਉਸ ‘ਤੇ ਅਮਲ ਕੀਤਾ ਜਾਵੇਗਾ।