ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ਦੇ ਵਸਨੀਕ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਹਰਸਿਮਰਤ ਸਿੰਘ ਦੇ ਘਰ ‘ਤੇ ਗੋਲੀਬਾਰੀ ਕੀਤੀ।
ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਦੇ ਸਮਰਥਕ ਅਤੇ ਅਕਾਲੀ ਦਲ ਪਾਰਟੀ ਦੇ ਨੌਜਵਾਨ ਆਗੂ ਹਰਸਿਮਰਤ ਸਿੰਘ ਦੇ ਘਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਘਰ ‘ਤੇ 8 ਰਾਊਂਡ ਫਾਇਰਿੰਗ ਕੀਤੀ। ਪਿਛਲੇ ਕੁਝ ਦਿਨਾਂ ਤੋਂ ਅਕਾਲੀ ਦਲ ਦੇ ਆਗੂ ਹਰਸਿਮਰਤ ਸਿੰਘ ਤੋਂ ਫੋਨ ‘ਤੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ। ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਪੈਸੇ ਨਾ ਦੇਣ ਕਾਰਨ ਘਰ ‘ਤੇ ਗੋਲੀਬਾਰੀ ਕੀਤੀ ਗਈ। ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਬੀਤੀ ਰਾਤ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਗੁਰਦਾਸਪੁਰ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ਦੇ ਵਸਨੀਕ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਹਰਸਿਮਰਤ ਸਿੰਘ ਦੇ ਘਰ ‘ਤੇ ਗੋਲੀਬਾਰੀ ਕੀਤੀ। ਜਾਣਕਾਰੀ ਦਿੰਦੇ ਹੋਏ ਅਕਾਲੀ ਆਗੂ ਹਰਸਿਮਰਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਨਿਸ਼ਾਨ ਸਿੰਘ ਨਾਮ ਦਾ ਵਿਅਕਤੀ ਉਨ੍ਹਾਂ ਨੂੰ ਫੋਨ ਕਰ ਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ, ਪਰ ਉਨ੍ਹਾਂ ਪੈਸੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ, ਜਿਸ ਬਾਰੇ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹਾਈ ਕੋਰਟ ਤੋਂ ਸੁਰੱਖਿਆ ਵੀ ਲਈ ਹੈ। ਬੀਤੀ ਰਾਤ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੇ ਘਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਤੇ ਹਮਲਾਵਰ ਮੌਕੇ ਤੋਂ ਭੱਜ ਗਏ। ਹਮਲਾਵਰਾਂ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਕਰੇ।