ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ‘ਚ ਅੱਜ ਤੇ ਅਗਲੇ ਤਿੰਨ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਜ਼ਿਲ੍ਹਿਆਂ ‘ਚ ਚੰਗੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ। ਪੰਜਾਬ ‘ਚ ਅਗਲੇ ਤਿੰਨ ਦਿਨ ਲਗਾਤਾਰ ਅਜਿਹਾ ਹੀ ਮੌਸਮ ਰਹੇਗਾ। 1 ਸਤੰਬਰ ਤੱਕ ਪੰਜਾਬ ‘ਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ‘ਚ ਅੱਜ ਤੇ ਅਗਲੇ ਤਿੰਨ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਬਾਰਿਸ਼ ਦਾ ਅਸਰ ਡੈਮਾਂ ਦੇ ਪਾਣੀ ਦੇ ਪੱਧਰ ‘ਤੇ ਦੇਖਣ ਨੂੰ ਮਿਲ ਸਕਦਾ ਹੈ। ਉੱਥੇ ਹੀ ਜੇਕਰ ਡੈਮਾਂ ਤੋਂ ਅੱਗੇ ਵੀ ਪਾਣੀ ਛੱਡਿਆ ਜਾਂਦਾ ਹੈ ਤਾਂ ਪੰਜਾਬ ਦੇ ਦਰਿਆਵਾਂ ਤੇ ਨਹਿਰਾਂ ‘ਚ ਵੀ ਇਸ ਦਾ ਅਸਰ ਦਿਖਾਈ ਦੇ ਸਕਦਾ ਹੈ। ਰਾਵੀ, ਬਿਆਸ ਤੇ ਸਤਲੁਜ ਨੇ ਪਹਿਲਾਂ ਹੀ ਪੰਜਾਬ ਦੇ 8 ਜ਼ਿਲ੍ਹਿਆਂ ਦੇ ਕਈ ਪਿੰਡਾਂ ਨੂੰ ਲਪੇਟ ‘ਚ ਲੈ ਲਿਆ ਹੈ। ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਹੋਰ ਨੁਕਸਾਨ ਕਰ ਸਕਦੀ ਹੈ।
ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਤੇ ਫਾਜ਼ਿਲਕਾ ਇਸ ਸਮੇਂ ਹੜ੍ਹ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਦੇ 350 ਤੋਂ ਵੱਧ ਪਿੰਡ ਪਾਣੀ ਦੀ ਮਾਰ ਝੱਲ ਰਹੇ ਹਨ। ਕਈ ਇਲਾਕਿਆਂ ‘ਚ 5 ਤੋਂ 7 ਫੁੱਟ ਪਾਣੀ ਆ ਗਿਆ ਹੈ। ਹਾਲਾਤ ਇੰਨੇ ਵਿਗੜ ਗਏ ਹਨ ਕਿ ਅੰਮ੍ਰਿਤਸਰ ਦੇ ਅਜਨਾਲਾ ‘ਚ ਸੈਨਾ ਆਪਣੇ ਵਿਸ਼ੇਸ਼ ਉਪਕਰਣਾਂ ਨਾਲ ਉੱਤਰੀ ਹੈ। ਸੈਨਾ ATOR N1200 ਮਲਟੀ ਟੇਰੇਨ ਵਹੀਕਲ ਤੇ ਹੈਲੀਕਾਪਟਰ ਨਾਲ ਲੋਕਾਂ ਨੂੰ ਰੈਸਕਿਊ ਕਰ ਰਹੀ ਹੈ।
ਇਸ ਤੋਂ ਇਲਾਵਾ ਐਨਡੀਆਰਐਫ, ਐਸਡੀਆਰਐਪ, ਪੰਜਾਬ ਪੁਲਿਸ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਲੋਕਾਂ ਨੂੰ ਰੈਸਕਿਊ ਕਰ ਰਹੀਆਂ ਹਨ। ਹੈਲੀਕਾਪਟਰਾਂ ਰਾਹੀ ਹੜ੍ਹ ‘ਚ ਫਸੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।
ਸੀਐਮ ਮਾਨ ਪਹੁੰਚੇ ਸਨ ਅੰਮ੍ਰਿਤਸਰ, ਇੱਕ ਮਹੀਨੇ ਦੀ ਸੈਲਰੀ ਰਾਹਤ ਸੇਵਾਵਾਂ ਲਈ ਦੇਣਗੇ
ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਆਸ ਦੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਥਿਤੀ ਦੀ ਜਾਣਕਾਰੀ ਲੈਣ ਲਈ ਪਹੁੰਚੇ। ਉਨ੍ਹਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਦਾ ਵੀ ਦੌਰਾ ਕੀਤਾ ਦੇ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਐਕਟਿਵ ਰਹਿੰਦੇ ਹੋਏ ਲੋਕਾਂ ਦੀ ਮਦਦ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਤੇ ਆਪਣੇ ਸਾਰੇ ਵਿਧਾਇਕ ਦੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੇਣ ਦਾ ਐਲਾਨ ਕੀਤਾ।