ਅਰੋੜਾ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਆਏ ਸਨ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ 9 ਸਤੰਬਰ ਯਾਨੀ ਕੱਲ੍ਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਜਾ ਰਹੇ ਹਨ। ਦੌਰੇ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਭੱਖ ਗਈ ਹੈ। ਪੰਜਾਬ ਆਮ ਆਦਮੀ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਹੈ ਕਿ ਇਹ ਦੌਰਾ ਸਿਰਫ਼ ਡਿਜਾਸਟਰ ਟੂਰਿਜਮ ਬਣ ਕੇ ਨਾ ਰਹਿ ਜਾਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਨਾਲ ਖੜ੍ਹੇ ਹੋਣ ਤੇ 20 ਹਜ਼ਾਰ ਕਰੋੜ ਦਾ ਰਾਹਤ ਪੈਕੇਜ ਜਾਰੀ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬਕਾਇਆ 60 ਹਜ਼ਾਰ ਕਰੋੜ ਰੁਪਏ ਵੀ ਪੰਜਾਬ ਨੂੰ ਦਿੱਤੇ ਜਾਣ।
ਅਰੋੜਾ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਆਏ ਸਨ। ਉਨ੍ਹਾਂ ਨੇ ਪਾਣੀ ‘ਚ ਉੱਤਰ ਕੇ ਸਿਰਫ਼ ਫੋਟੋਆਂ ਖਿਚਵਾਈਆਂ, ਪਰ ਕਿਸੇ ਤਰੀਕੇ ਦੀ ਮਦਦ ਦਾ ਐਲਾਨ ਨਹੀਂ ਕੀਤਾ। ਉਨ੍ਹਾਂ ਨੇ ਸਵਾਲ ਚੁੱਕੇ ਕਿ ਜੇਕਰ ਪੰਜਾਬ ‘ਚ ਹੜ੍ਹ ਗੈਰ-ਕਾਨੂੰਨੀ ਮਾਈਨਿੰਗ ਨਾਲ ਆਈ ਹੈ ਤਾਂ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦੇ ਹੜ੍ਹ ‘ਤੇ ਕੀ ਕਹੋਗੇ। ਉੱਥੇ ਹੀ, ਦਿੱਲੀ ‘ਚ ਆਇਆ ਪਾਣੀ ਸੰਭਾਲਿਆ ਨਹੀਂ ਜਾ ਰਿਹਾ।
ਪੀਐਮ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ
ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਰੱਖਿਆ ਦੇ ਸਾਰੇ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲੇ ਸੁਰੱਖਿਆ ‘ਚ ਹੋਈ ਗਲਤੀ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਸੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ, ਅਸੀਂ ਉਸ ਨੂੰ ਚੰਗੀ ਤਰ੍ਹਾਂ ਨਿਭਾਇਆ। ਉਨ੍ਹਾਂ ਨੇ ਯਾਦ ਦਿਵਾਇਆ ਕਿ ਪਿਛਲੀ ਵਾਰ ਕਾਂਗਰਸ ਸਰਕਾਰ ਦੀ ਲਾਪਰਵਾਹੀ ਦੇ ਚੋਣਾਂ ਦੇ ਮਾਹੌਲ ਕਾਰਨ ਸੁਰੱਖਿਆ ‘ਚ ਗਲਤੀ ਹੋਈ ਸੀ।
ਬਰਿੰਦਰ ਗੋਇਲ ਕੀ ਬੋਲੇ?
ਉੱਥੇ ਹੀ, ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੱਲ੍ਹ ਆ ਰਹੇ ਹਨ, ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ ਕਿਉਂਕਿ ਅਸੀਂ ਮਹਿਮਾਨ ਦਾ ਦਿਲੋਂ ਸਵਾਗਤ ਕਰਦੇ ਹਾਂ ਤੇ ਧੰਨਵਾਦ ਕਰਦੇ ਹਾਂ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਭਾਜਪਾ ਆਗੂ ਤੇ ਕੇਂਦਰੀ ਮੰਤਰੀ ਆਏ ਸਨ, ਜਿਨ੍ਹਾਂ ਤੋਂ ਸਾਨੂੰ ਬਹੁਤ ਉਮੀਦਾਂ ਸਨ। ਅਸੀਂ ਸੋਚਿਆ ਸੀ ਕਿ ਜਾਣ ਤੋਂ ਪਹਿਲਾਂ ਉਹ ਪੰਜਾਬ ਬਾਰੇ ਗੱਲ ਕਰਨਗੇ, ਪਰ ਉਨ੍ਹਾਂ ਨੇ ਮਾਈਨਿੰਗ ਬਾਰੇ ਗੱਲ ਕੀਤੀ, ਕਿ ਇਸੇ ਲਈ ਹੜ੍ਹ ਆਇਆ ਤੇ ਇਹ ਫਾਰਮੂਲਾ ਦਿੱਤਾ। ਬਰਿੰਦਰ ਗੋਇਲ ਨੇ ਕਿਹਾ ਕਿ ਸਾਨੂੰ ਅਜਿਹਾ ਨੁਕਸਾਨ ਹੋਇਆ ਹੈ ਜੋ ਪਹਿਲਾਂ ਕਦੇ ਨਹੀਂ ਹੋਇਆ। ਪੰਜਾਬ ਨੂੰ 20 ਤੋਂ 25 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ ਹੈ, ਜਿਸ ‘ਚ ਸਾਨੂੰ ਇਸ ਰਾਹਤ ਦੀ ਲੋੜ ਹੈ ਤੇ ਪੰਜਾਬ ਦੇ 60 ਹਜ਼ਾਰ ਕਰੋੜ ਕੇਂਦਰ ਵੱਲ ਬਕਾਇਆ ਹਨ, ਜਿਸਦਾ ਐਲਾਨ ਵੀ ਕੀਤਾ ਜਾਣਾ ਚਾਹੀਦਾ ਹੈ।