ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਰਾਹੁਲ ਗਾਂਧੀ ਸਾਡੇ ਲਈ ਸਭ ਤੋਂ ਵੱਡੇ ਨੇਤਾ ਹਨ।
ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਟਤੇ ਹਨ। ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਉਹ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ, ਜਿੱਥੋਂ ਬਾਅਦ ਉਹ ਸਭ ਤੋਂ ਪਹਿਲਾਂ ਰਮਦਾਸ ਹਲਕੇ ‘ਚ ਪਹੁੰਚੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਵੀ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ‘ਤੇ ਮੌਜੂਦ ਸਨ। ਨਵਜੋਤ ਕੌਰ ਸਿੱਧੂ, ਪਰਗਟ ਸਿੰਘ, ਸੁਖਪਾਲ ਸਿੰਘ ਖਹਿਰਾ ਸਮੇਤ ਕਈ ਸੀਨੀਅਰ ਆਗੂਆਂ ਨੇ ਇਸ ਮੌਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ
ਰਾਹੁਲ ਗਾਂਧੀ ਦਾ ਸਵਾਗਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚे ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਰਾਹੁਲ ਗਾਂਧੀ ਸਾਡੇ ਲਈ ਸਭ ਤੋਂ ਵੱਡੇ ਨੇਤਾ ਹਨ। ਉਨ੍ਹਾਂ ਦਾ ਹਮੇਸ਼ਾ ਇੱਕ ਹੀ ਸੰਦੇਸ਼ ਰਿਹਾ ਹੈ – ਸੇਵਾ ਕਰੋ ਅਤੇ ਸੇਵਾ ਕਰਦੇ ਰਹੋ। ਇਹ ਇੱਕ ਬਹੁਤ ਹੀ ਸਕਾਰਾਤਮਕ ਸੋਚ ਹੈ, ਜੋ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਉਮੀਦ ਜਗਾਉਂਦੀ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਸਾਹਿਬ (ਨਵਜੋਤ ਸਿੰਘ ਸਿੱਧੂ) ਪਹਿਲਾਂ ਹੀ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹਨ। ਜੋ ਵੀ ਫੰਡ ਆ ਰਹੇ ਹਨ, ਉਨ੍ਹਾਂ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਹੀ ਕੀਤੀ ਜਾਵੇਗੀ। ਨਵਜੋਤ ਕੌਰ ਨੇ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤ ‘ਚ ਕੰਮ ਕਰਨ ਦੀ ਅਪੀਲ ਕੀਤੀ।
ਨਵਜੋਤ ਕੌਰ ਨੇ ਕਿਹਾ ਕਿ ਸਰਹੱਦੀ ਖੇਤਰਾਂ ‘ਚ ਪਾਣੀ ਛੱਡਣ ਕਾਰਨ ਲੋਕਾਂ ਦੇ ਘਰ ਵਹਿ ਗਏ ਤੇ ਬੱਚਿਆਂ ਨੂੰ ਬਚਾਉਣ ਲਈ ਸਮਾਂ ਨਹੀਂ ਮਿਲਿਆ। ਇਹ ਪੂਰੀ ਘਟਨਾ ਲਾਪਰਵਾਹੀ ਵਾਲੇ ਪ੍ਰਬੰਧਨ ਨੂੰ ਦਰਸਾਉਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਗਲਤ ਇਜਾਜ਼ਤ ਦੇਣ ਵਾਲੇ ਅਧਿਕਾਰੀਆਂ ਨੂੰ ਸਜ਼ਾ ਦਿੱਤੀ ਜਾਵੇ ਤੇ ਪ੍ਰਭਾਵਿਤ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।
ਸੁਖਪਾਲ ਖਹਿਰਾ ਨੇ ਕੀ ਕਿਹਾ?
ਹਵਾਈ ਅੱਡੇ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਿਸੇ ਵੀ ਆਗੂ ਦਾ ਪੰਜਾਬ ਆਉਣਾ ਤੇ ਹੜ੍ਹ ਪੀੜਤਾਂ ਦੀ ਮਦਦ ਕਰਨਾ ਸ਼ਲਾਘਾਯੋਗ ਹੈ, ਪਰ ਸੱਚਾਈ ਇਹ ਹੈ ਕਿ ਕੇਂਦਰ ਸਰਕਾਰ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਰਾਹਤ ਦੇ ਨਾਮ ‘ਤੇ ਮਜ਼ਾਕ ਕੀਤਾ ਹੈ। ਪ੍ਰਧਾਨ ਮੰਤਰੀ ਇੱਕ ਮਹੀਨੇ ਬਾਅਦ ਆਏ, ਜਦੋਂ ਕਿ ਪੰਜਾਬ ਨੂੰ ਲਗਭਗ 50 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ ਹੈ, ਪਰ ਸਿਰਫ਼ 1600 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਗਿਆ।
ਖਹਿਰਾ ਨੇ ਕਿਹਾ ਕਿ ਬਿਨਾਂ ਕਿਸੇ ਯੋਜਨਾਬੰਦੀ ਦੇ ਡੈਮਾਂ ਤੋਂ ਪਾਣੀ ਛੱਡਿਆ ਗਿਆ। ਰਣਜੀਤ ਸਾਗਰ ਡੈਮ ਦਾ ਪੱਧਰ ਖ਼ਤਰੇ ਦੀ ਹੱਦ ਤੱਕ ਪਹੁੰਚ ਗਿਆ ਸੀ। ਭਾਰਤੀ ਮੌਸਮ ਵਿਭਾਗ ਨੇ ਮੀਂਹ ਦਾ 500% ਗਲਤ ਅੰਦਾਜ਼ਾ ਲਗਾਇਆ, ਜਿਸ ਕਾਰਨ ਸਮੇਂ ਸਿਰ ਤਿਆਰੀਆਂ ਨਹੀਂ ਹੋ ਸਕੀਆਂ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਨੂੰ ਘੱਟੋ-ਘੱਟ 50 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ, ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਤੇ ਕਿਸਾਨਾਂ ਦੇ ਕਰਜ਼ਿਆਂ ‘ਤੇ ਵਿਆਜ ਤੇ ਮੂਲਧਨ ਦੀ ਵਸੂਲੀ ਇੱਕ ਸਾਲ ਲਈ ਬੰਦ ਕੀਤੀ ਜਾਵੇ। ਰਾਹੁਲ ਗਾਂਧੀ ਖੁਦ ਅੱਜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ ਤੇ ਇਸ ਮੁੱਦੇ ਨੂੰ ਸੰਸਦ ‘ਚ ਚੁੱਕਣਗੇ।
ਰਾਹੁਲ ਦੇ ਦੌਰੇ ਤੇ ਪ੍ਰਗਟ ਸਿੰਘ ਦੀ ਪ੍ਰਤੀਕਿਰਿਆ
ਰਾਹੁਲ ਗਾਂਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਲੰਧਰ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਅਸਲ ‘ਚ ਉਨ੍ਹਾਂ ਲੋਕਾਂ ਦੇ ਨਾਲ ਖੜ੍ਹੇ ਹੋਏ ਹਨ, ਜਿਨ੍ਹਾਂ ਦਾ ਹੜ੍ਹਾਂ ਵਿੱਚ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬੀਆਂ ਨੂੰ ਸਿਰਫ਼ ਰਾਹਤ ਦੀ ਨਹੀਂ, ਸਗੋਂ ਇੱਕ ਅਜਿਹੇ ਹੱਥ ਦੀ ਲੋੜ ਹੈ ਜੋ ਉਨ੍ਹਾਂ ਨੂੰ ਇਹ ਮਹਿਸੂਸ ਕਰਵਾ ਸਕੇ ਕਿ ਅਸੀਂ ਉਨ੍ਹਾਂ ਦੇ ਨਾਲ ਹਾਂ।
ਪ੍ਰਗਟ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਏ ਸਨ ਪਰ ਉਨ੍ਹਾਂ ਦਾ ਰਵੱਈਆ ਬਹੁਤ ਰਸਮੀ ਸੀ। ਉਨ੍ਹਾਂ ਨੇ 1600 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ, ਜੋ ਕਿ ਪੰਜਾਬ ਦੇ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਬਹੁਤ ਵੱਡੇ ਦਿਲ ਵਾਲੇ ਹਨ, ਚਾਹੇ ਲੰਗਰ ਦੀ ਗੱਲ ਹੋਵੇ ਜਾਂ ਹੋਰ ਰਾਹਤ ਕਾਰਜ, ਉਹ ਇਸ ਦੀ ਦੇਖਭਾਲ ਖੁਦ ਕਰਦੇ ਹਨ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਇਸ ਫੇਰੀ ਨਾਲ ਲੋਕਾਂ ਨੂੰ ਵਿਸ਼ਵਾਸ ਮਿਲੇਗਾ ਕਿ ਵਿਰੋਧੀ ਧਿਰ ਦੇ ਨੇਤਾ ਸੰਸਦ ‘ਚ ਆਪਣੀ ਆਵਾਜ਼ ਬੁਲੰਦ ਕਰਨਗੇ। ਪ੍ਰਗਟ ਸਿੰਘ ਨੇ ਸੂਬਾ ਸਰਕਾਰ ਨੂੰ ਰਾਹਤ ਤੇ ਮੁਆਵਜ਼ੇ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਲਦੀ ਮਦਦ ਮਿਲ ਸਕੇ।