ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਪੇਜ ‘ਤੇ ਰਾਹੁਲ ਗਾਂਧੀ ਦੇ ਗੁਰਦੁਆਰੇ ਜਾਣ ਦੀ ਰੀਲ ਸਾਂਝੀ ਕੀਤੀ ਹੈ।
ਅੰਮ੍ਰਿਤਸਰ ਦੇ ਰਮਦਾਸ ਗੁਰਦੁਆਰੇ ‘ਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਸਿਰੋਪਾਓ ਪਹਿਨਾ ਕੇ ਸਨਮਾਨਿਤ ਕਰਨ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਰਮਦਾਸ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ‘ਚ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਕਮੇਟੀ ਵੱਲੋਂ ਪਹਿਲਾਂ ਲਏ ਗਏ ਫੈਸਲੇ ਅਨੁਸਾਰ, ਗੁਰਦੁਆਰਾ ਸਾਹਿਬ ਦੇ ਦਰਬਾਰ ‘ਚ ਵਿਸ਼ੇਸ਼ ਵਿਅਕਤੀਆਂ ਨੂੰ ਸਿਰੋਪਾਓ ਦੇਣਾ ਮਨ੍ਹਾ ਹੈ। ਇਹ ਸਨਮਾਨ ਸਿਰਫ਼ ਧਾਰਮਿਕ ਸ਼ਖਸੀਅਤਾਂ, ਰਾਗੀ ਸਿੰਘਾਂ ਤੇ ਗੁਰੂ ਦਰਬਾਰ ‘ਚ ਮੌਜੂਦ ਸਿੱਖ ਮਹਾਂਪੁਰਖਾਂ ਨੂੰ ਦਿੱਤੇ ਜਾਣ ਤੱਕ ਸੀਮਤ ਹੈ।
ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ
ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੂਰੀ ਰਿਪੋਰਟ ਆਉਣ ਤੋਂ ਬਾਅਦ, ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਜ਼ਰੂਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਨੇਤਾ ਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰੂਦੁਆਰਾ ਸਾਹਿਬ ਤੋਂ ਸਿਰੋਪਾ ਭੇਟ ਕਰਨਾ ਕਿਸੇ ਵੀ ਤਰ੍ਹਾਂ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਪੰਜਾਬ ਕਾਂਗਰਸ ਪ੍ਰਧਾਨ ਨੇ ਰੀਲ ਸਾਂਝੀ ਕੀਤੀ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਪੇਜ ‘ਤੇ ਰਾਹੁਲ ਗਾਂਧੀ ਦੇ ਗੁਰਦੁਆਰੇ ਜਾਣ ਦੀ ਰੀਲ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ, ਰਾਹੁਲ ਗਾਂਧੀ ਨੇ ਗੁਰਦੁਆਰੇ ਜਾਣ ਤੇ ਉਸ ਤੋਂ ਬਾਅਦ ਸਿਰੋਪਾ ਪਹਿਨੇ ਹੋਏ ਆਪਣੀਆਂ ਤਸਵੀਰਾਂ ਵੀ ਆਪਣੇ ਫੇਸਬੁੱਕ ਪੇਜ ‘ਤੇ ਸਾਂਝੀਆਂ ਕੀਤੀਆਂ ਹਨ।
ਰਾਹੁਲ ਗਾਂਧੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਤੇ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਹੜ੍ਹ ਪੀੜਤਾਂ ਨੂੰ ਮਿਲਣ ਤੋਂ ਬਾਅਦ, ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਅੱਖਾਂ ‘ਚ ਦਰਦ ਸਾਫ਼ ਦਿਖਾਈ ਦੇ ਰਿਹਾ ਹੈ, ਪਰ ਉਨ੍ਹਾਂ ਦੀ ਹਿੰਮਤ ਅਟੱਲ ਹੈ। ਇਸ ਦੌਰਾਨ, ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਸਥਾਨਕ ਪੁਲਿਸ ਨੇ ਰਾਹੁਲ ਗਾਂਧੀ ਨੂੰ ਗੁਰਦਾਸਪੁਰ ‘ਚ ਰਾਵੀ ਨਦੀ ਦੇ ਪਾਰ ਸਰਹੱਦੀ ਪਿੰਡ ਤੂਰ ਦਾ ਦੌਰਾ ਕਰਨ ਤੋਂ ਰੋਕਿਆ।