ਮੁੱਖ ਮੰਤਰੀ ਭਗਵੰਤ ਨੇ ਅੱਜ ਪੰਜਾਬ ਕੈਬਨਿਟ ਮੀਟਿੰਗ ਬੁਲਾਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ‘ਚ ਪੰਜਾਬ ਸਰਕਾਰ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਬਣਾਏ ਗਏ ਨਿਯਮਾਂ ‘ਚ ਸੋਧ ਨੂੰ ਮਨਜ਼ੂਰੀ ਦੇ ਸਕਦੀ। ਫਿਰ ਇਹ ਪ੍ਰਸਤਾਵ ਵਿਧਾਨ ਸਭਾ ‘ਚ ਪੇਸ਼ ਕੀਤੇ ਜਾਣਗੇ। ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਕੈਬਨਿਟ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ‘ਚ ਸਾਰੇ ਮੰਤਰੀ ਤੇ ਵਿਧਾਇਕ ਮੌਜੂਦ ਰਹਿਣਗੇ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਵਿਧਾਨ ਸਭਾ ਸੈਸ਼ਨ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ 26 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਹਾਲਾਂਕਿ, ਕਾਰਵਾਈ ਸਿਰਫ ਦੋ ਦਿਨ ਹੀ ਚੱਲੇਗੀ, ਕਿਉਂਕਿ 27 ਤੇ 28 ਸਤੰਬਰ ਨੂੰ ਸ਼ਨੀਵਾਰ ਤੇ ਐਤਵਾਰ ਹੋਣ ਕਾਰਨ ਜਨਤਕ ਛੁੱਟੀਆਂ ਹਨ।
CM ਨੇ ਪਹਿਲਾਂ ਹਸਪਤਾਲ ਤੋਂ ਕੀਤੀ ਸੀ ਕੈਬਨਿਟ ਬੈਠਕ
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਸ ਸਮੇਂ ਦੌਰਾਨ, 9 ਸਤੰਬਰ ਨੂੰ ਮੁੱਖ ਮੰਤਰੀ ਮਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਕੀਤੀ ਸੀ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਹੜ੍ਹ ਰਾਹਤ ਪੈਕੇਜ ਦਾ ਐਲਾਨ ਕੀਤਾ। ਇਸ ਦੌਰਾਨ ਨੌਂ ਵੱਡੇ ਫੈਸਲੇ ਲਏ ਗਏ, ਜਿਨ੍ਹਾਂ ‘ਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ, ਜਿਸ ਦੇ ਖੇਤ ਉਸ ਦੀ ਰੇਤ ਯੋਜਨਾ ਦੇ ਸਮੇਤ ਹੋਰ ਵੀ ਕਈ ਵੱਡੇ ਫੈਸਲੇ ਸ਼ਾਮਲ ਸਨ।
ਬੀਤੇ ਦਿਨ ਸਿਹਤ ਬੀਮਾ ਯੋਜਨਾ ਦੀ ਕਿੱਤੀ ਸੀ ਸ਼ੁਰੂਆਤ
ਉੱਥੇ ਹੀ, ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਦਾ ਮੁਫ਼ਤ ਇਲਾਜ਼ ਮਿਲੇਗਾ। ਇਸ ਯੋਜਨਾ ਦੀ ਸ਼ੁਰੂਆਤ ਤਰਨਤਾਰਨ ਤੇ ਬਰਨਾਲਾ ਤੋਂ ਹਈ ਹੈ। ਬਾਅਦ ‘ਚ ਇਸ ਯੋਜਨਾ ਨੂੰ ਪੂਰੇ ਪੰਜਾਬ ‘ਚ ਲਾਗੂ ਕਰ ਦਿੱਤਾ ਜਾਵੇਗਾ।