ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਤਹਿਤ ਕਈ ਅਲੱਗ-ਅਲੱਗ ਕੇਸ ਕਈ ਵੱਖ-ਵੱਖ ਕੋਰਟਾਂ ‘ਚ ਚੱਲਦੇ ਹਨ।
ਪੰਜਾਬ ਸਰਕਾਰ ਦੀ ਅੱਜ ਅਹਿਮ ਕੈਬਨਿਟ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ, ਤੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਜਾਣਕਾਰੀ ਦਿੱਤੀ ਇਸ ਮੀਟਿੰਗ ‘ਚ ਕਈ ਪੰਜਾਬ ਪੱਖੀ ਤੇ ਲੋਕਾਂ ਦੀ ਆਸਾਂ ਤੇ ਉਮੀਦਾਂ ਨੂੰ ਧਿਆਨ ਰੱਖਦੇ ਹੋਏ ਫੈਸਲੇ ਲਏ ਗਏ।
ਜੀਐਸਟੀ ਸੋਧ
ਮੰਤਰੀ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ‘ਚ ਹਾਲ ਹੀ ‘ਚ ਆਏ ਜੀਐਸਟੀ 2 ‘ਤੇ ਵੀ ਫੈਸਲਾ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਜਿਵੇਂ ਜੀਐਸਟੀ ਰਾਸ਼ਟਰੀ ਪੱਧਰ ਤੇ ਲਾਗੂ ਹੁੰਦਾ ਹੈ, ਉਸੇ ਤਰ੍ਹਾਂ ਸੂਬੇ ਦੇ ਪੱਧਰ ‘ਤੇ ਵੀ ਲਾਗੂ ਹੁੰਦਾ ਹੈ। ਇਸ ‘ਚ ਸੋਧਾਂ ਕੀਤੀਆਂ ਗਈਆਂ ਹਨ ਤੇ ਆਉਣ ਵਾਲੇ ਸੈਸ਼ਨ ‘ਚ ਇਸ ਨੂੰ ਪਾਸ ਕੀਤਾ ਜਾਵੇਗਾ ਤੇ ਪ੍ਰਵਾਨਗੀ ਦਿੱਤੀ ਜਾਵੇਗੀ।
ਐਨਆਈਏ ਕੇਸਾਂ ਲਈ ਵਿਸ਼ੇਸ਼ ਅਦਾਲਤ
ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਤਹਿਤ ਕਈ ਅਲੱਗ-ਅਲੱਗ ਕੇਸ ਕਈ ਵੱਖ-ਵੱਖ ਕੋਰਟਾਂ ‘ਚ ਚੱਲਦੇ ਹਨ, ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੇਸਾਂ ਦੇ ਨਿਪਟਾਰੇ ਲਈ ਮੁਹਾਲੀ ‘ਚ ਇੱਕ ਵਿਸ਼ੇਸ਼ ਅਦਾਲਤ ਸਥਾਪਤ ਕੀਤੀ ਜਾਵੇਗੀ। ਪੰਜਾਬ ਦੇ ਐਨਆਈਏ ਦੇ ਸਾਰੇ ਕੇਸ ਮੁਹਾਲੀ ਕੋਰਟ ‘ਚ ਚੱਲਣਗੇ ਤੇ ਉਸ ਦਾ ਪ੍ਰਬੰਧ ਸਾਰੇ ਪੰਜਾਬ ਸਰਕਾਰ ਕਰੇਗੀ।
ਜ਼ਿਲ੍ਹਾ ਪ੍ਰੀਸ਼ਦਾਂ ਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਪੈਨਸ਼ਨ
ਸੂਬੇ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਚੀਮਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀਆਂ ਪੈਨਸ਼ਨਾਂ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤੀਆਂ ਜਾਣਗੀਆਂ। ਇਸ ਕਦਮ ਨਾਲ 3,000 ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਣ ਦੀ ਉਮੀਦ ਹੈ।
ਸਾਬਕਾ ਮੰਤਰੀ ‘ਤੇ ਭ੍ਰਿਸ਼ਟਾਚਾਰ ਕੇਸ ਨੂੰ ਮਨਜ਼ੂਰੀ
ਮੀਟਿੰਗ ‘ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ। ਵਿਜੀਲੈਂਸ ਬਿਊਰੋ ਨੇ ਜੂਨ 2022 ‘ਚ ਧਰਮਸੋਤ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਜਾਂਚ ‘ਚ ਸਾਹਮਣੇ ਆਇਆ ਕਿ ਧਰਮਸੋਤ ਨੇ 1.67 ਕਰੋੜ ਰੁਪਏ ਦੀ ਰਿਸ਼ਵਤ ਲਈ ਸੀ। ਸਰਕਾਰੀ ਬੁਲਾਰੇ ਅਨੁਸਾਰ, ਧਰਮਸੋਤ ਵਿਰੁੱਧ ਪੀਐਮਐਲਏ 2022 ਤਹਿਤ ਵੀ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਨੇ ਰਾਜਪਾਲ ਨੂੰ ਉਨ੍ਹਾਂ ‘ਤੇ ਮੁਕੱਦਮਾ ਚਲਾਉਣ ਦੀ ਸਿਫਾਰਸ਼ ਭੇਜੀ ਹੈ।