ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਕਿਸੇ ਸਮੇਂ ਅਕਾਲੀ ਦਲ ਦੇ ਵੱਡੇ ਲੀਡਰ ਰਹੇ ਹਨ।
ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋਈ ਤਰਨਤਾਰਨ ਦੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਦੇ ਲਈ ਵੱਖ ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ, ਇਸੇ ਲੜੀ ਵਿੱਚ ਆਮ ਆਦਮੀ ਪਾਰਟੀ ਨੇ ਵੀ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਇਹ ਜਿੰਮੇਵਾਰੀ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਸੌਂਪੀ ਹੈ। ਪਿਛਲੀ ਦਿਨੀਂ ਹਰਮੀਤ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।
ਅਕਾਲੀ ਦਲ ਦੇ ਵਿਧਾਇਕ ਰਹੇ ਹਨ ਸੰਧੂ
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਕਿਸੇ ਸਮੇਂ ਅਕਾਲੀ ਦਲ ਦੇ ਵੱਡੇ ਲੀਡਰ ਰਹੇ ਹਨ। ਉਹ ਇਸ ਹਲਕੇ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਵੀ ਪਹੁੰਚੇ ਸੀ ਪਰ 19 ਨਵੰਬਰ 2024 ਨੂੰ ਉਹਨਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਹਨਾਂ ਨੇ ਆਪਣਾ ਅਸਤੀਫ਼ਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪਿਆ, ਇਸ ਦੇ ਕੁੱਝ ਦਿਨਾਂ ਬਾਅਦ ਹੀ ਉਹ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਗਏ ਅਤੇ ਪਾਰਟੀ ਨੇ ਉਹਨਾਂ ਨੂੰ ਆਪਣਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ।
ਅਕਾਲੀ ਦਲ ਨੇ ਮਹਿਲਾ ਤੇ ਖੇਡਿਆ ਦਾਅ
ਹਰਮੀਤ ਸਿੰਘ ਸੰਧੂ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੇ ਉਮੀਦਵਾਰ ਦਾ ਨਾਮ ਐਲਾਨ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਇੱਕ ਰੈਲੀ ਵਿੱਚ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਹਲਕੇ ਦੀ ਜਿੰਮੇਵਾਰੀ ਸੌਂਪੀ, ਇਸ ਰੈਲੀ ਵਿੱਚ ਖਾਸ ਗੱਲ ਇਹ ਸੀ ਕਿ ਅਕਾਲੀ ਦਲ ਨੇ ਅਜ਼ਾਦ ਗਰੁੱਪ ਨਾਲ ਹੱਥ ਮਿਲਾ ਲਿਆ ਸੀ, ਜਿਸ ਨੇ ਪਿਛਲੀ ਵਾਰ ਆਮ ਆਦਮੀ ਪਾਰਟੀ ਦੀ ਖੁੱਲ੍ਹ ਕੇ ਮਦਦ ਕੀਤੀ ਸੀ ਅਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਸਿਆਸੀ ਨੁਕਸਾਨ ਪਹੁੰਚਾਇਆ ਸੀ।