ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਕਾਰਵਾਈ ਸਰਕਾਰ ਵੱਲੋਂ ਗੈਂਗਸਟਰਾਂ ਖਿਲਾਫ ਚੱਲ ਰਹੀ ਮੁਹਿੰਮ ਦੇ ਚੱਲਦੇ ਕੀਤੀ ਗਈ ਹੈ। ਦਰਅਸਲ ਅੰਮ੍ਰਿਤਸਰ ਦਿਹਾਤੀ SSP ਮਨਿੰਦਰ ਸਿੰਘ ਨੂੰ ਡਿਊਟੀ ‘ਚ ਲਾਪਰਵਾਹੀ ਅਤੇ ਗੈਂਗਸਟਰ ਗਤੀਵਿਧੀਆਂ ‘ਤੇ ਸਖ਼ਤ ਕਾਰਵਾਈ ਨਾ ਕਰਨ ਦੇ ਚੱਲਦੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਇਹ ਕਦਮ ਖੁਫੀਆ ਰਿਪੋਰਟਾਂ ਮਿਲਣ ਤੋਂ ਬਾਅਦ ਚੁੱਕਿਆ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਇਲਾਕੇ ਵਿੱਚ ਗੈਂਗਸਟਰਾਂ ਖਿਲਾਫ ਕਾਰਵਾਈ ਵਿੱਚ ਅਣਗਹਿਲੀ ਅਤੇ ਕੁਝ ਕੇਸਾਂ ਵਿੱਚ ਸੁਸਤ ਰਵੱਈਆ ਅਪਣਾਇਆ ਜਾ ਰਿਹਾ ਹੈ।
ਗੈਂਗਸਟਰਾਂ ਖਿਲਾਫ ਲਾਪਰਵਾਹੀ ਬਰਦਾਸ਼ਤ ਨਹੀਂ- CM ਮਾਨ
ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਖਿਲਾਫ ਚੱਲ ਰਹੀ ਮੁਹਿੰਮ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ-ਵਿਵਸਥਾ ‘ਤੇ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਹਰ ਅਧਿਕਾਰੀ ਤੋਂ ਜਵਾਬ ਤਲਬੀ ਹੋਵੇਗੀ।
ਆਈਪੀਐਸ ਮਨਿੰਦਰ ਸਿੰਘ 2019 ਬੈਚ ਦੇ ਅਧਿਕਾਰੀ
ਆਈਪੀਐਸ ਮਨਿੰਦਰ ਸਿੰਘ 2019 ਬੈਚ ਦੇ ਅਧਿਕਾਰੀ ਹਨ। ਐਸਐਸਪੀ ਅੰਮ੍ਰਿਤਸਰ ਦਿਹਾਤੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ, ਉਹ ਅੰਮ੍ਰਿਤਸਰ ਸ਼ਹਿਰੀ ਪੁਲਿਸ ਕਮਿਸ਼ਨਰੇਟ ਵਿੱਚ ਸਹਾਇਕ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਉਂਦੇ ਸਨ। ਉਹ ਪਹਿਲਾਂ ਤਰਨਤਾਰਨ ਜ਼ਿਲ੍ਹੇ ਵਿੱਚ ਪੁਲਿਸ ਸੁਪਰਡੈਂਟ (ਐਸਪੀ) ਵਜੋਂ ਵੀ ਸੇਵਾ ਨਿਭਾਉਂਦੇ ਸਨ। ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਦਾ ਸਹਾਇਕ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਏਡੀਸੀ) ਨਿਯੁਕਤ ਕੀਤਾ ਗਿਆ।