ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਤੋਂ ਕੁੱਲ ਨੌਂ ਪਿਸਤੌਲ ਬਰਾਮਦ ਕੀਤੇ ਗਏ ਹਨ।
ਪੰਜਾਬ ਦੀ ਕਪੂਰਥਲਾ ਪੁਲਿਸ ਨੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਕਪੂਰਥਲਾ ਦੇ ਤਾਸ਼ਪੁਰ ਦੇ ਰਹਿਣ ਵਾਲੇ ਅਮਨਦੀਪ ਉਰਫ਼ ਅਮਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਸੁਲਤਾਨਪੁਰ ਲੋਧੀ ਦੇ ਆਲੇ-ਦੁਆਲੇ ਕੰਮ ਕਰ ਰਹੇ ਜੱਗਾ ਫੁਲਕੀਵਾਲ ਜਬਰਨ ਵਸੂਲੀ ਗਿਰੋਹ ਦਾ ਸਰਗਰਮ ਮੈਂਬਰ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ‘ਚੋਂ 4 ਪਿਸਤੌਲ ਬਰਾਮਦ ਕੀਤੇ ਹਨ। ਅਮਨਦੀਪ ‘ਤੇ ਗੋਲੀਬਾਰੀ ਤੇ ਜਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਗੈਂਗਾਂ ਨੂੰ ਹਥਿਆਰ ਮੁਹੱਈਆ ਕਰਵਾਉਣ ‘ਚ ਮੁੱਖ ਭੂਮਿਕਾ ਨਿਭਾਉਣ ਦਾ ਦੋਸ਼ ਹੈ।
ਮੁਲਜ਼ਮ ਤੋਂ ਕੁੱਲ ਨੌਂ ਪਿਸਤੌਲ ਬਰਾਮਦ
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਤੋਂ ਕੁੱਲ ਨੌਂ ਪਿਸਤੌਲ ਬਰਾਮਦ ਕੀਤੇ ਗਏ ਹਨ। ਪੁੱਛਗਿੱਛ ਦੌਰਾਨ, ਕਪੂਰਥਲਾ ਪੁਲਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਆਪਣੇ ਸਾਥੀ ਲਵਪ੍ਰੀਤ ਉਰਫ਼ ਬਾਬਾ ਨੂੰ ਦੋ ਪਿਸਤੌਲ ਮੁਹੱਈਆ ਕਰਵਾਏ ਸਨ, ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਤੋਂ ਇੱਕ .32 ਬੋਰ ਦਾ ਦੇਸੀ ਪਿਸਤੌਲ, ਇੱਕ .315 ਬੋਰ ਦਾ ਦੇਸੀ ਪਿਸਤੌਲ ਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਗ੍ਰਿਫ਼ਤਾਰ ਮੁਲਜ਼ਮ ਅਮਨਦੀਪ ਤੋਂ ਹੋਰ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਘਰ ‘ਚੋਂ ਦਬੇ ਤਿੰਨ ਹੋਰ ਦੇਸੀ ਪਿਸਤੌਲ ਬਰਾਮਦ ਕੀਤੇ ਗਏ। ਮੁਲਜ਼ਮ ਖ਼ਿਲਾਫ਼ ਪੁਲਿਸ ਸਟੇਸ਼ਨ ਸਦਰ ਕਪੂਰਥਲਾ ਵਿਖੇ ਐਫਆਈਆਰ ਦਰਜ ਕੀਤੀ ਗਈ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਦੇ ਅੱਗੇ ਤੇ ਪਿੱਛੇ ਦੇ ਲਿੰਕਸ ਦਾ ਪਤਾ ਲਗਾਉਣ ਤੇ ਪੂਰੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।