ਸੁਖਬੀਰ ਬਾਦਲ ਨੇ ਕਿਹਾ ਕਿ ਮਨਰੇਗਾ ਸਕੀਮ, ਜੋ ਪਹਿਲਾਂ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਸੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਧਰਮ ਪਤਨੀ, ਕੇਂਦਰੀ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ‘ਚ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਦਰਬਾਰ ਸਾਹਿਬ ਵਿੱਚ ਦਰਸ਼ਨ ਕਰਨ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੇਸ਼ ਤੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ਤੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕੀਤਾ।
‘ਕੇਂਦਰ ਦੇ ਫੈਸਲੇ ਨਾਲ ਰਾਜ ਸਰਕਾਰ ‘ਤੇ ਬੋਝ‘
ਸੁਖਬੀਰ ਬਾਦਲ ਨੇ ਕਿਹਾ ਕਿ ਮਨਰੇਗਾ ਸਕੀਮ, ਜੋ ਪਹਿਲਾਂ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਸੀ, ਉਸ ‘ਚ ਕੀਤੀਆਂ ਤਾਜ਼ਾ ਤਬਦੀਲੀਆਂ ਗਰੀਬ ਵਿਰੋਧੀ ਹਨ। ਕੇਂਦਰ ਵੱਲੋਂ 60 ਫੀਸਦੀ ਹਿੱਸਾ ਤੇ 40 ਫੀਸਦੀ ਰਾਜ ਸਰਕਾਰਾਂ ਤੇ ਥੋਪਣਾ ਪੰਜਾਬ ਵਰਗੀਆਂ ਆਰਥਿਕ ਤੌਰ ਤੇ ਕਮਜ਼ੋਰ ਰਾਜ ਸਰਕਾਰਾਂ ਲਈ ਵੱਡਾ ਬੋਝ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਸਕੀਮਾਂ ਦਾ ਪੂਰਾ ਲਾਭ ਨਹੀਂ ਮਿਲ ਰਿਹਾ। ਮਨਰੇਗਾ ਗਰੀਬਾਂ ਲਈ 100 ਦਿਨਾਂ ਦੇ ਰੋਜ਼ਗਾਰ ਦੀ ਗਰੰਟੀ ਸੀ, ਪਰ ਹੁਣ ਇਹ ਗਰੰਟੀ ਵੀ ਖਤਰੇ ‘ਚ ਪੈ ਗਈ ਹੈ।
ਨਿਊਜ਼ੀਲੈਂਡ ਵਿਵਾਦ ‘ਤੇ ਕੀ ਬੋਲੇ?
ਨਿਊਜ਼ੀਲੈਂਡ ‘ਚ ਸਿੱਖਾਂ ਦੇ ਨਗਰ ਕੀਰਤਨ ਦੇ ਵਿਰੋਧ ਪ੍ਰਧਰਸ਼ਨ ਦੀ ਉਨ੍ਹਾਂ ਨੇ ਸਖ਼ਚ ਸ਼ਬਦਾਂ ‘ਚ ਨਿੰਦਾ ਕੀਤੀ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਨਿਊਜ਼ੀਲੈਂਡ ਸਰਕਾਰ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਨਿਊਜ਼ੀਲੈਂਡ ਸਰਕਾਰ ਨੇ ਜੇਕਰ ਪੰਜਾਬੀਆਂ ਨੂੰ ਸਿਟੀਜਨਸ਼ਿਪ ਦਿੱਤੀ ਹੈ ਤਾਂ ਉਨ੍ਹਾਂ ਦੀ ਸੁਰੱਖਿਆ ਵੀ ਕਰਨਾ ਉਹਨਾਂ ਦਾ ਫਰਜ਼ ਬਣਦਾ ਹੈ, ਇਸ ਕਰਕੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰੇ।
‘ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮਜ਼ਦੂਰ, ਗਰੀਬ ਤੇ ਕਿਸਾਨ ਦੇ ਨਾਲ ਖੜ੍ਹਾ’
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਬਾਰੇ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਸੈਂਕੜੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ। ਕਈ ਹਲਕਿਆਂ ‘ਚ ਅਕਾਲੀ ਦਲ ਨੂੰ ਲੜਨ ਦਾ ਮੌਕਾ ਨਹੀਂ ਮਿਲਿਆ, ਫਿਰ ਵੀ ਜਿੱਥੇ ਪਾਰਟੀ ਨੇ ਚੋਣ ਲੜੀ ਉੱਥੇ ਵਧੀਆ ਸਫਲਤਾ ਦਰਜ ਕੀਤੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮਜ਼ਦੂਰ, ਗਰੀਬ ਤੇ ਕਿਸਾਨ ਦੇ ਨਾਲ ਖੜ੍ਹਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਕੱਠੇ ਹੋ ਕੇ ਪੰਜਾਬ ਨੂੰ ਬਚਾਇਆ ਜਾਵੇ ਤੇ ਖੇਤਰੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਪੰਜਾਬ ‘ਚ ਅਮਨ, ਤਰੱਕੀ ਤੇ ਭਾਈਚਾਰਕ ਸਾਂਝ ਮੁੜ ਸਥਾਪਤ ਹੋ ਸਕੇ।