ਸਾਬਕਾ ਆਈਪੀਐਸ ਅਧਿਕਾਰੀ ਅਮਰ ਸਿੰਘ ਚਾਹਲ ਵੱਲੋਂ ਕਥਿਤ ਤੌਰ ‘ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਹੋ ਗਈ।
ਸੋਮਵਾਰ ਨੂੰ ਸਾਬਕਾ ਆਈਪੀਐਸ ਅਧਿਕਾਰੀ ਅਮਰ ਸਿੰਘ ਚਾਹਲ ਵੱਲੋਂ ਕਥਿਤ ਤੌਰ ‘ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਹੋ ਗਈ। ਪੁਲਿਸ ਦੇ ਅਨੁਸਾਰ, ਉਨ੍ਹਾਂ ਦੀ ਛਾਤੀ ‘ਤੇ ਗੋਲੀ ਲੱਗਣ ਨਾਲ ਗੰਭੀਰ ਸੱਟ ਲੱਗੀ ਅਤੇ ਉਨ੍ਹਾਂ ਨੂੰ ਤੁਰੰਤ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਹਾਲੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਇਲਾਜ ਜਾਰੀ ਹੈ।
ਘਟਨਾ ਵਾਲੀ ਥਾਂ ਤੋਂ ਸੁਸਾਈਡ ਨੋਟ ਬਰਾਮਦ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਸਥਾਨ ਤੋਂ 12 ਪੰਨਿਆ ਵਾਲਾ ਸੁਸਾਈਡ ਨੋਟ ਬਰਾਮਦ ਹੋਇਆ ਹੈ। ਜਿਸ ਵਿੱਚ ਕਥਿਤ ਤੌਰ ‘ਤੇ ਔਨਲਾਈਨ ਧੋਖਾਧੜੀ ਕਾਰਨ ਹੋਈ ਵਿੱਤੀ ਮੁਸ਼ਕਲ ਦਾ ਵਰਣਨ ਕੀਤਾ ਗਿਆ ਹੈ। ਹਾਲਾਂਕਿ, ਪੁਲਿਸ ਨੇ ਸਪੱਸ਼ਟ ਕੀਤਾ ਕਿ ਘਟਨਾ ਦੇ ਅਸਲ ਹਾਲਾਤਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਤੁਰੰਤ ਚਾਹਲ ਦੇ ਘਰ ਪਹੁੰਚ ਗਈਆਂ।
ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸਐਸਪੀ ਨੇ ਕਿਹਾ, “ਜਿਵੇਂ ਹੀ ਸਾਨੂੰ ਗੋਲੀਬਾਰੀ ਦੀ ਸੂਚਨਾ ਮਿਲੀ, ਸਾਡੀਆਂ ਟੀਮਾਂ ਤੁਰੰਤ ਉਸ ਦੇ ਘਰ ਪਹੁੰਚੀਆਂ ਅਤੇ ਉਸ ਨੂੰ ਬਹੁਤ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।”

ਜਾਣੋ ਕੀ ਹੈ ਪੂਰਾ ਮਾਮਲਾ?
ਅਮਰ ਸਿੰਘ ਚਾਹਲ ਨਾਲ ਕਰੀਬ 8 ਕੋਰੜ ਦੀ ਔਨਲਾਈਨ ਧੋਖਾਧੜੀ ਹੋਈ ਸੀ। ਜਿਸ ਤੋਂ ਉਹ ਕਾਫੀ ਪ੍ਰੇਸ਼ਾਨ ਚੱਲ ਰਿਹਾ ਸੀ। ਉਸ ਵੱਲੋਂ ਲਿਖੇ ਸੁਸਾਈਡ ਨੋਟ ਵਿੱਚ ਦੱਸਿਆ ਗਿਆ ਹੈ। ਇੱਥੇ ਦੱਸ ਦਈਏ ਕਿ ਅਮਰ ਸਿੰਘ ਚਾਹਲ 2015 ਦੇ ਫਰੀਦਕੋਟ ਗੋਲੀਬਾਰੀ ਮਾਮਲੇ ਦੇ ਮੁਲਜ਼ਮਾਂ ਵਿੱਚੋਂ ਇੱਕ ਸੀ। 24 ਫਰਵਰੀ 2023 ਨੂੰ, ਏਡੀਜੀਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਫਰੀਦਕੋਟ ਦੀ ਇੱਕ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ। ਚਾਰਜਸ਼ੀਟ ਵਿੱਚ ਕਈ ਰਾਜਨੀਤਿਕ ਨੇਤਾਵਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਲ ਸਨ।
ਚਾਰਜਸ਼ੀਟ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਪੁੱਤਰ ਤੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ ਅਤੇ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੇ ਨਾਂ ਸ਼ਾਮਲ ਹਨ।