Home Crime DIG ਭੁੱਲਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ, ਅਦਾਲਤ ਨੇ CBI ਨੂੰ ਨੋਟਿਸ...

DIG ਭੁੱਲਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ, ਅਦਾਲਤ ਨੇ CBI ਨੂੰ ਨੋਟਿਸ ਭੇਜ ਮੰਗਿਆ ਜਵਾਬ

1
0

ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਕੇਂਦਰੀ ਜਾਂਚ ਬਿਊਰੋ (CBI) ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ (DIG) ਹਰਚਰਨ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਚ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ ‘ਤੇ ਅੱਜ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਚ ਸੁਣਵਾਈ ਹੋਈ। ਅਦਾਲਤ ਨੇ ਇਸ ਪਟੀਸ਼ਨ ‘ਤੇ ਕੇਂਦਰੀ ਜਾਂਚ ਬਿਊਰੋ (CBI) ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਲਈ ਤੈਅ ਕੀਤੀ ਹੈ। ਅਦਾਲਤ ਨੇ ਸੀਬੀਆਈ ਨੂੰ ਹਦਾਇਤ ਕੀਤੀ ਹੈ ਕਿ ਉਹ 2 ਜਨਵਰੀ ਤੱਕ ਇਸ ਜ਼ਮਾਨਤ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰੇ।
ਸੀਬੀਆਈ ਨੇ ਡੀਆਈਜੀ ਭੁੱਲਰ ਤੇ ਉਨ੍ਹਾਂ ਦੇ ਸਾਥੀ ਕ੍ਰਿਸ਼ਨੂ ਸ਼ਾਰਦਾ ਨੂੰ ਅਕਤੂਬਰ, 2025 ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੋਵਾਂ ‘ਤੇ ਇੱਕ ਸ਼ਿਕਾਇਤਕਰਤਾ ਤੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ ਲਗਾਏ ਗਏ ਸਨ, ਇਸ ਤੋਂ ਬਾਅਦ ਵਿਭਾਗ ਵੱਲੋਂ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਸਾਰਿਆਂ ਦੀਆਂ ਨਜ਼ਰਾਂ 2 ਜਨਵਰੀ ਦੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਸੀਬੀਆਈ ਇਸ ਜ਼ਮਾਨਤ ਦਾ ਵਿਰੋਧ ਕਰੇਗੀ ਜਾਂ ਅਦਾਲਤ ਵੱਲੋਂ ਕੋਈ ਰਾਹਤ ਦਿੱਤੀ ਜਾਵੇਗੀ।

ਮੋਹਾਲੀ ਦਫਤਰ ਤੋਂ ਕੀਤਾ ਸੀ ਗ੍ਰਿਫ਼ਤਾਰ

ਸਾਬਕਾ ਡੀਆਈਜੀ ਨੂੰ ਸੀਬੀਆਈ ਨੇ 16 ਅਕਤੂਬਰ ਨੂੰ ਮੋਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਪਹਿਲਾਂ ਦਲਾਲ ਕ੍ਰਿਸ਼ਨੂ ਸ਼ਾਰਦਾ ਨੂੰ ਅਤੇ ਫਿਰ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ, ਉਨ੍ਹਾਂ ਤੇ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਲਗਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਤੇ ਛਾਪਾ ਮਾਰਿਆ ਗਿਆ। ਜਿੱਥੋਂ 7 ਕਰੋੜ 50 ਲੱਖ ਰੁਪਏ, ਮਹਿੰਗੀਆਂ ਘੜੀਆਂ, ਸ਼ਰਾਬ ਅਤੇ ਕਾਰ ਦੀਆਂ ਚਾਬੀਆਂ ਬਰਾਮਦ ਕੀਤੀਆਂ ਗਈਆਂ।

ਵਿਜੀਲੈਂਸ ਵੀ ਦਰਜ ਕਰ ਚੁੱਕੀ ਹੈ ਮਾਮਲਾ

ਭੁੱਲਰ ਮਾਮਲੇ ਚ, ਸੀਬੀਆਈ ਨੇ ਉਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਕਾਨੂੰਨ ਦੇ ਨਾਲ-ਨਾਲ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਉਨ੍ਹਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲਾਂਕਿ, ਪੰਜਾਬ ਵਿਜੀਲੈਂਸ ਬਿਊਰੋ ਨੇ ਅਜੇ ਤੱਕ ਮੁਲਜ਼ਮ ਦਾ ਰਿਮਾਂਡ ਪ੍ਰਾਪਤ ਨਹੀਂ ਕੀਤਾ ਹੈ। ਉਹ ਇਸ ਸਮੇਂ ਬੁੜੈਲ ਜੇਲ੍ਹ ਚ ਬੰਦ ਹੈ।
ਇਸ ਦੌਰਾਨ, ਉਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਚੰਡੀਗੜ੍ਹ ਦੀ ਅਦਾਲਤ ਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਜਿਸ ਚ ਗੱਦੇ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪਿੱਠ ਚ ਦਰਦ ਹੋ ਰਿਹਾ ਹੈ। ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਭੁੱਲਰ ਦੇ ਬੈਂਕ ਖਾਤੇ ਪਹਿਲਾਂ ਹੀ ਕੁਰਕ ਕੀਤੇ ਜਾ ਚੁੱਕੇ ਹਨ।

LEAVE A REPLY

Please enter your comment!
Please enter your name here