ਸਪੀਕਰ ਸੰਧਵਾਂ ਨੇ ਕਿਹਾ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇੱਕ ਪਵਿੱਤਰ ਸਰੂਪ ਨੂੰ ਗਲੀਆਂ ‘ਚ ਬੇਅਦਬੀ ਦੀ ਘਟਨਾ ਨੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਐਸਜੀਪੀਸੀ 328 ਲਾਪਤਾ ਪਾਵਨ ਸਰੂਪਾਂ ਦੀ ਜਾਂਚ ‘ਚ ਪੰਜਾਬ ਸਰਕਾਰ ਨਾਲ ਸਹਿਯੋਗ ਕਰੇ। ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਨੂੰ ਰਾਜਨੀਤੀ ਕਰਨ ਦੀ ਬਜਾਏ ਸਰਕਾਰ ਨਾਲ ਸਹਿਯੋਗ ਕਰਨਾ ਚਾਹੀਦਾ ਹੈ।
ਸਪੀਕਰ ਸੰਧਵਾਂ ਨੇ ਕਿਹਾ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇੱਕ ਪਵਿੱਤਰ ਸਰੂਪ ਨੂੰ ਗਲੀਆਂ ‘ਚ ਬੇਅਦਬੀ ਦੀ ਘਟਨਾ ਨੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ, ਤਾਂ ਫਿਰ ਸ਼੍ਰੋਮਣੀ ਕਮੇਟੀ 328 ਸਰੂਪਾਂ ਦੇ ਮੁੱਦੇ ‘ਤੇ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ ਦਾ ਸਖ਼ਤ ਵਿਰੋਧ ਕਿਉਂ ਕਰ ਰਹੀ ਹੈ? ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਸਾਹਿਬ ਨਾਲ ਸਬੰਧਤ ਮੁੱਦਿਆਂ ‘ਤੇ ਰਾਜਨੀਤੀ ਨਹੀਂ ਕੀਤੀ ਜਾਣੀ ਚਾਹੀਦੀ, ਸਗੋਂ ਗੁਰੂ ਸਾਹਿਬ ਜੀ ਦੇ ਗੱਦਾਰਾਂ ਨੂੰ ਸਜ਼ਾ ਦੇਣ ਲਈ ਸੰਵਿਧਾਨਕ ਸ਼ਕਤੀ ਦੀ ਵਰਤੋਂ ਕੀਤੀ ਜਾਵੇਗੀ।
‘ਐਸਜੀਪੀਸੀ ਕਰ ਰਹੀ ਗੋਲਕਾਂ ਦੀ ਦੂਰਵਰਤੋਂ’
ਸਪੀਕਰ ਨੇ ਦੋਸ਼ ਲਗਾਇਆ ਕਿ ਐਸਜੀਪੀਸੀ ਵੱਖ-ਵੱਖ ਗੁਰੂ ਘਰਾਂ ਦੀ ਗੋਲਕ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ 328 ਸਰੂਪਾਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਵੱਲੋਂ ਦਰਜ ਕੀਤੀ ਗਈ ਐਫਆਈਆਰ ਸਬੰਧੀ ਸੰਗਤ ਨੂੰ ਗੁੰਮਰਾਹ ਕਰ ਰਹੀ ਹੈ। ਐਸਜੀਪੀਸੀ ਕਹਿ ਰਹੀ ਹੈ ਕਿ ਸਰਕਾਰ ਸਿੱਖ ਧਾਰਮਿਕ ਮਾਮਲਿਆਂ ‘ਚ ਦਖਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿ 328 ਪਵਿੱਤਰ ਸਰੂਪ ਕਿੱਥੇ ਗਏ।
ਸੰਧਵਾਂ ਨੇ ਸਵਾਲ ਚੁੱਕੇ ਕਿ ਕਿਸ ਦੇ ਹੁਕਮਾਂ ‘ਤੇ ਟਾਸਕ ਫੋਰਸ ਵੱਲੋਂ ਸੰਗਤਾਂ ‘ਤੇ ਹਮਲੇ ਕੀਤੇ ਗਏ, ਜੋ ਗੁੰਮ ਹੋਏ ਸਰੂਪਾਂ ਦੇ ਮੁੱਦੇ ‘ਤੇ ਕਾਰਵਾਈ ਦੀ ਮੰਗ ਕਰ ਰਹੀਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਕੌਣ ਇਸ ਵਿਰੋਧ ਪ੍ਰਦਰਸ਼ਨ ਨੂੰ ਤਸੱਲੀਬਖਸ਼ ਜਵਾਬ ਦੇ ਕੇ ਖਤਮ ਨਹੀਂ ਕਰਨਾ ਚਾਹੁੰਦਾ ਸੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ‘ਚ ਅਸਫਲ ਰਹੀ। ਪੰਜਾਬ ਸਰਕਾਰ ਨੂੰ ਐਸਜੀਪੀਸੀ ਦੀ ਅਸਫਲਤਾ ਕਾਰਨ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਸਖ਼ਤ ਕਾਰਵਾਈ ਕਰਨੀ ਪਈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਰਕਾਰ ਦੀ ਕਾਰਵਾਈ ਦੀ ਪ੍ਰਸ਼ੰਸਾ ਕਰ ਰਿਹਾ ਹੈ, ਪਰ ਸ਼੍ਰੋਮਣੀ ਕਮੇਟੀ ਦੋਸ਼ੀਆਂ ਨੂੰ ਬਚਾਉਣ ਲਈ ਗੁਰੂ ਘਰ ਦੀ ਗੋਲਕ ਦੀ ਦੁਰਵਰਤੋਂ ਕਰ ਰਹੀ ਹੈ।