ਸੀਐਮ ਮਾਨ ਨੇ ਪੇਸ਼ੀ ਨੂੰ ਲੈ ਕੇ ਕਿਹਾ ਸੀ ਕਿ ਸਿੱਖ ਹੋਣ ਦੇ ਨਾਤੇ ਸਾਡੇ ਲਈ ਸ਼੍ਰੀ ਅਕਾਲ ਤਖਤ ਸਾਹਿਬ ਬਹੁਤ ਉੱਚੀ ਅਤੇ ਸਤਿਕਾਰਯੋਗ ਅਸਥਾਨ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਅਕਾਲ ਤਖ਼ਤ ‘ਤੇ ਪੇਸ਼ੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਅਕਾਲ ਤਖ਼ਤ ਸਕੱਤਰੇਤ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਹੁਣ 15 ਜਨਵਰੀ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ 4:30 ਵਜੇ ਸ੍ਰੀ ਅਕਾਲ ਤਖ਼ਤ ਤੇ ਪਹੁੰਚਣਗੇ। ਅਕਾਲ ਤਖ਼ਤ ਨੇ ਮਾਨ ਦੇ ਬਿਆਨਾਂ ਅਤੇ ਵਾਇਰਲ ਵੀਡੀਓ ਬਾਰੇ ਸਪੱਸ਼ਟੀਕਰਨ ਮੰਗਿਆ ਹੈ।
ਇਸ ਤੋਂ ਬਾਅਦ, ਮੁੱਖ ਮੰਤਰੀ ਨੇ ਕਿਹਾ ਸੀ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਇੱਕ ਪ੍ਰੋਗਰਾਮ ਹੈ, ਪਰ ਉਹ ਹਾਜ਼ਰ ਨਹੀਂ ਹੋ ਸਕਣਗੇ ਅਤੇ ਅਕਾਲ ਤਖ਼ਤ ‘ਤੇ ਪੇਸ਼ ਹੋਣਗੇ। ਮੰਨਿਆ ਜਾ ਰਿਹਾ ਹੈ ਕਿ ਅਕਾਲ ਤਖ਼ਤ ਨੇ ਇਸ ਬਿਆਨ ਦੇ ਮੱਦੇਨਜ਼ਰ ਹੀ ਇਹ ਫੈਸਲਾ ਲਿਆ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਨੰਗੇ ਪੈਰੀਂ ਅਕਾਲ ਤਖ਼ਤ ਜਾਣਗੇ। ਉਨ੍ਹਾਂ ਨੇ ਜਥੇਦਾਰ ਨੂੰ ਇਹ ਵੀ ਬੇਨਤੀ ਕੀਤੀ ਕਿ ਜਦੋਂ ਉਹ ਗੋਲਕ ਦਾ ਬਿਆਨ ਸਬੂਤਾਂ ਸਮੇਤ ਪੇਸ਼ ਕਰਨ ਤਾਂ ਉਸਦਾ ਲਾਈਵ ਪ੍ਰਸਾਰਨ ਕੀਤਾ ਜਾਵੇ।
ਹਾਲਾਂਕਿ, ਜਥੇਦਾਰ ਵੱਲੋਂ ਇਸ ਮਾਮਲੇ ਸਬੰਧੀ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕਿਉਂਕਿ ਮੁੱਖ ਮੰਤਰੀ ਅੰਮ੍ਰਿਤਧਾਰੀ ਸਿੱਖ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ਅਕਾਲ ਤਖ਼ਤ ਦੀ ਫਸੀਲ ਦੀ ਬਜਾਏ ਸਕੱਤਰੇਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਸੀਐਮ ਨੇ ਰਾਸ਼ਟਰਪਤੀ ਤੋਂ ਮੰਗੀ ਸੀ ਮੁਆਫੀ
ਬੀਤੀ 5 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੰਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਸਵੇਰੇ 10 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਕੁਝ ਮਸਲਿਆਂ ਤੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਸ ਮਾਮਲੇ ਵਿੱਚ ਖੁਦ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣ ਦੀ ਗੱਲ ਕਹੀ ਸੀ। ਮੁੱਖ ਮੰਤਰੀ ਮਾਨ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਲਿੱਖਿਆ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਉਨ੍ਹਾਂ ਦੇ ਸਿਰ ਮੱਥੇ ਤੇ ਹੈ.. ਉਹ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਸ੍ਰੀ ਅਕਾਲ ਤਖਤ ਤੇ ਹਾਜਿਰ ਹੋਣਗੇ।
ਨਾਲ ਹੀ ਮੁਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਮੁਆਫੀ ਵੀ ਮੰਗੀ ਸੀ। ਕਿਉਂ ਉਹ ਉਸੇ ਦਿਨ ਰਾਸ਼ਟਰਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਨਫਰੰਸ ਵਿੱਚ ਹਿੱਸਾ ਲੈਣ ਆ ਰਹੇ ਹਨ।