ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਗੁਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।
ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਕ ਦੇ ਰਹਿਣ ਵਾਲੇ ਫ਼ੌਜੀ ਜਵਾਨ ਗੁਰਪ੍ਰੀਤ ਸਿੰਘ ਮਣੀਪੁਰ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਏ ਹਨ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਭਾਰਤੀ ਫ਼ੌਜ ਵਿੱਚ ਤਾਇਨਾਤ ਸਨ ਅਤੇ ਪਿਛਲੇ 21 ਸਾਲਾਂ ਤੋਂ ਦੇਸ਼ ਦੀ ਸੇਵਾ ਕਰ ਰਹੇ ਸਨ। ਮਣੀਪੁਰ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਉਨ੍ਹਾਂ ਨੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਸ਼ਹੀਦੀ ਪ੍ਰਾਪਤ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਗੁਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਪਰ ਉਹ ਮਾਤ-ਭੂਮੀ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ। ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਸ਼ਹੀਦ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਨੰਬਰਦਾਰ ਯੂਨੀਅਨ ਪੰਜਾਬ ਦੇ ਆਗੂ ਰਣ ਸਿੰਘ ਮਹਿਲਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ, ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਿੰਡ ਵਿੱਚ ਸ਼ਹੀਦ ਦੀ ਯਾਦ ਵਿੱਚ ਯਾਦਗਾਰ ਬਣਾਈ ਜਾਵੇ। ਐੱਸਡੀਐੱਮ ਦਿੜਬਾ ਨੇ ਦੱਸਿਆ ਕਿ ਸ਼ਹੀਦ ਦਾ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।