Home Desh ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਤਿਆਰੀ

4
0

ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ 11 ਅਪ੍ਰੈਲ ਨੂੰ ਮੀਟਿੰਗ ਸੱਦੀ ਗਈ ਸੀ।

ਪੰਜਾਬ ਵਿਧਾਨ ਸਭਾ ਦਾ ਅੱਜ, 13 ਅਪ੍ਰੈਲ ਨੂੰ ਵਿਸ਼ੇਸ਼ ਇਜਲਾਸ (ਸੈਸ਼ਨ) ਬੁਲਾਇਆ ਗਿਆ ਹੈ। ਇਸ ਇਜਲਾਸ ‘ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ਼ ਕਾਨੂੰਨ ਸਬੰਧੀ ਸੋਧ ਬਿੱਲ ਪਾਸ ਕੀਤਾ ਜਾਵੇਗਾ। ਇਸ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਨਾਮ ਦਿੱਤਾ ਗਿਆ ਹੈ। ਸੋਧ ਬਿੱਲ ਪਾਸ ਹੋਣ ਤੋਂ ਬਾਅਦ ਰਾਜਪਾਲ ਨੂੰ ਭੇਜਿਆ ਜਾਵੇਗਾ। ਕਾਨੂੰਨ ਤਹਿਤ ਬੇਅਦਬੀ ‘ਚ ਦੋਸ਼ੀ ਪਾਏ ਜਾਣ ਵਾਲੇ ਨੂੰ ਵੱਧ ਤੋਂ ਵੱਧ ਸਜ਼ਾ ਉਮਰਕੈਦ ਤੇ 25 ਲੱਖ ਰੁਪਏ ਤੱਕ ਦੇ ਜ਼ੁਰਮਾਨੇ ਦਾ ਪ੍ਰਬੰਧ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਗਤ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ‘ਚ ਸੋਧ ਕੀਤੀ ਜਾ ਰਹੀ ਹੈ। ਮੌਜੂਦਾ ਕਾਨੂੰਨ ‘ਚ ਛਪਾਈ ਤੇ ਰੱਖ-ਰਖਾਅ ਨਾਲ ਜੁੜੇ ਤੇ ਹੋਰ ਨਿਯਮ ਸ਼ਾਮਲ ਸਨ ਤੇ ਉਲੰਘਣ ਕਰਨ ‘ਤੇ 2 ਸਾਲ ਦੀ ਸਜ਼ਾ ਜਾਂ ਫਿਰ 50 ਹਜ਼ਾਰ ਰੁਪਏ ਦੇ ਜ਼ੁਰਮਾਨੇ ਦਾ ਪ੍ਰਬੰਧ ਹੈ। ਹਾਲਾਂਕਿ, ਸਰਕਾਰ ਹੁਣ ਇਸ ‘ਚ ਸੋਧ ਕਰਨ ਜਾ ਰਹੀ ਹੈ। ਹੁਣ ਬੇਅਦਬੀ ਕਰਨ ਵਾਲਿਆਂ ਨੂੰ ਇਸ ਸੋਧ ਬਿੱਲ ਤਹਿਤ ਸਖ਼ਤ ਸਜ਼ਾ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ।
ਦੱਸ ਦੇਈਏ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ 11 ਅਪ੍ਰੈਲ ਨੂੰ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਸੀ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ‘ਚ ਸੋਧ ਦਾ ਪ੍ਰਸਤਾਵ ਲਿਆਂਦਾ ਜਾਵੇਗਾ, ਜਿਸ ‘ਚ ਸਖ਼ਤ ਸਜ਼ਾ ਦੇ ਪ੍ਰਬੰਧ ਕੀਤੇ ਗਏ ਹਨ।
ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਪੰਜਾਬ ਪਵਿੱਤਰ ਗ੍ਰੰਥ ਵਿਰੁੱਧ ਅਪਰਾਧ ਰੋਕਥਾਮ ਬਿੱਲ 2025 ਪੇਸ਼ ਕੀਤਾ ਸੀ। ਇਸ ‘ਚ ਸਾਰੇ ਧਰਮਾਂ ਦੇ ਪ੍ਰਮੁੱਖ ਗ੍ਰੰਥ ਸ਼ਾਮਲ ਸਨ ਤੇ ਸਜ਼ਾ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਨਿਰਧਾਰਤ ਕੀਤੀ ਗਈ ਸੀ। ਇਸ ਬਿੱਲ ਨੂੰ ਸਿਲੈਕਟ ਕਮੇਟੀ ਨੂੰ ਭੇਜ ਦਿੱਤਾ ਗਿਆ ਸੀ। ਇਸ ਬਾਰੇ ਸਾਰੇ ਧਰਮਾਂ ਦੀਆਂ ਪ੍ਰਮੁੱਖ ਹਸਤੀਆਂ, ਮਾਹਿਰਾਂ ਤੇ ਕਾਨੂੰਨ ਸਲਾਹਕਾਰਾਂ ਨਾਲ ਸਲਾਹ-ਮੁਸ਼ਵਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਕਾਨੂੰਨ ਕਿਸੇ ਇੱਕ ਭਾਈਚਾਰੇ ਵਿਰੁੱਧ ਨਹੀਂ

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਸ ਬਿੱਲ ਦਾ ਖਰੜਾ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਇਸ ਲਈ, ਬਿੱਲ ਨੂੰ ਇੱਕ ਸਿਲੈਕਟ ਕਮੇਟੀ ਕੋਲ ਭੇਜਿਆ ਗਿਆ ਸੀ, ਜਿੱਥੇ ਵੱਖ-ਵੱਖ ਹਿੱਸੇਦਾਰਾਂ ਨੂੰ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਸੀ। ਸਰਕਾਰ ਦੇ ਅਨੁਸਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੇ ਹੋਰ ਧਾਰਮਿਕ ਸੰਗਠਨਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ, ਹਾਲਾਂਕਿ, ਉਹ ਆਪਣੇ ਸੁਝਾਅ ਦੇਣ ਲਈ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਸਟੈਂਡ ‘ਤੇ ਦ੍ਰਿੜ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸੇ ਖਾਸ ਭਾਈਚਾਰੇ ਵਿਰੁੱਧ ਨਹੀਂ ਹੈ, ਸਗੋਂ ਸਮਾਜ ਅੰਦਰ ਸ਼ਾਂਤੀ, ਕਾਨੂੰਨ ਵਿਵਸਥਾ ਤੇ ਫਿਰਕੂ ਸਦਭਾਵਨਾ ਨੂੰ ਬਣਾਈ ਰੱਖਣ ਲਈ ਪੇਸ਼ ਕੀਤਾ ਜਾ ਰਿਹਾ ਹੈ। ਸਰਕਾਰ ਦੇ ਅਨੁਸਾਰ, ਸਖ਼ਤ ਪ੍ਰਬੰਧ ਮਾੜੇ ਤੱਤਾਂ ‘ਤੇ ਲਗਾਮ ਲਗਾਉਣ ਤੇ ਧਾਰਮਿਕ ਸਥਾਨਾਂ ਦੀ ਸ਼ਾਨ ਦੀ ਰੱਖਿਆ ਨੂੰ ਯਕੀਨੀ ਬਣਾਉਣ ‘ਚ ਮਦਦ ਕਰਨਗੇ।

LEAVE A REPLY

Please enter your comment!
Please enter your name here