ਜਾਣਕਾਰੀ ਅਨੁਸਾਰ ਸੜਕ ਕਿਨਾਰੇ ਪਈ ਇੱਕ ਨੌਜਵਾਨ ਦੀ ਲਾਸ਼ ਨੂੰ ਦੇਖ ਕੇ ਰਾਹਗੀਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਅੰਮ੍ਰਿਤਸਰ ਦੇ ਅਜਨਾਲਾ ਖੇਤਰ ‘ਚ ਉਸ ਵੇਲੇ ਦਹਿਸ਼ਤ ਤੇ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਲੱਖੂਵਾਲ ਰੋਡ ‘ਤੇ ਇੱਕ ਨੌਜਵਾਨ ਦੀ ਭੇਦ-ਭਰੇ ਹਾਲਾਤਾਂ ‘ਚ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਦੇ ਲੋਕ ਵੱਡੀ ਗਿਣਤੀ ‘ਚ ਮੌਕੇ ‘ਤੇ ਇਕੱਠੇ ਹੋ ਗਏ, ਜਦਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸੜਕ ਕਿਨਾਰੇ ਪਈ ਇੱਕ ਨੌਜਵਾਨ ਦੀ ਲਾਸ਼ ਨੂੰ ਦੇਖ ਕੇ ਰਾਹਗੀਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੇਖਿਆ ਕਿ ਮ੍ਰਿਤਕ ਦੇ ਗਲੇ ਤੇ ਮੂੰਹ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲਿਆਂ ਦੇ ਨਿਸ਼ਾਨ ਮੌਜੂਦ ਸਨ। ਜ਼ਖ਼ਮਾਂ ਦੀ ਹਾਲਤ ਨੂੰ ਦੇਖਦਿਆਂ ਇਹ ਮਾਮਲਾ ਕਤਲ ਨਾਲ ਜੁੜਿਆ ਹੋਇਆ ਪ੍ਰਤੀਤ ਹੋ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਚਓ ਅਜਨਾਲਾ ਕੁਲਵਿੰਦਰ ਸਿੰਘ ਆਪਣੀ ਪੁਲਿਸ ਟੀਮ ਸਮੇਤ ਮੌਕੇ ‘ਤੇ ਪੁੱਜੇ ਅਤੇ ਇਲਾਕੇ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਘਟਨਾ ਸਥਾਨ ਦੇ ਆਲੇ-ਦੁਆਲੇ ਤੋਂ ਸਬੂਤ ਇਕੱਠੇ ਕੀਤੇ ਗਏ ਤੇ ਫੋਰੈਂਸਿਕ ਜਾਂਚ ਲਈ ਵੀ ਲੋੜੀਂਦੀ ਕਾਰਵਾਈ ਕੀਤੀ ਗਈ।
ਸਰੀਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ
ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਚਓ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਲੱਖੂਵਾਲ ਰੋਡ ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਮਾਮਲਾ ਸ਼ੱਕੀ ਬਣ ਗਿਆ ਹੈ। ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਮ੍ਰਿਤਕ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਸ ਦੇ ਪਰਿਵਾਰਕ ਮੈਂਬਰਾਂ ਤੇ ਪਿਛੋਕੜ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਇਸ ਦੇ ਨਾਲ ਹੀ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਪਿੱਛੇ ਲੁਕੇ ਸੱਚ ਦਾ ਪਤਾ ਲਗਾਇਆ ਜਾ ਸਕੇ।
ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਤੇ ਦੋਸ਼ੀਆਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।