Home Desh ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ‘ਤੇ ਮਾਮਲਾ ਦਰਜ, ਵੀਡੀਓ ਵਾਇਰਲ ਬੋਲਿਆ-...

ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ‘ਤੇ ਮਾਮਲਾ ਦਰਜ, ਵੀਡੀਓ ਵਾਇਰਲ ਬੋਲਿਆ- ਮਰਨ ਤੋਂ ਡਰ ਨਹੀਂ ਲੱਗਦਾ

6
0

ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ 11 ਤਰੀਕ ਨੂੰ ਇੱਕ ਨੌਜਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਅੰਦਰ ਦਾਖਲ ਹੋਇਆ ਸੀ।

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਕੇਂਦਰੀ ਦੇ ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵਿੰਦਰ ਸਿੰਘ ਨਿਗਰਾਨ ਪਰਿਕਰਮਾ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।
ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ 11 ਤਰੀਕ ਨੂੰ ਇੱਕ ਨੌਜਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਅੰਦਰ ਦਾਖਲ ਹੋਇਆ ਸੀ। ਇਸ ਦੌਰਾਨ ਉਸ ਨੇ ਉੱਥੇ ਸਥਾਪਿਤ ਸ੍ਰੀ ਸਾਹਿਬ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਮੌਜੂਦ ਸੇਵਾਦਾਰਾਂ ਤੇ ਸੁਰੱਖਿਆ ਕਰਮਚਾਰੀਆਂ ਦੀ ਚੌਕਸੀ ਕਾਰਨ ਉਸ ਦੀ ਹਰਕਤ ਨੂੰ ਤੁਰੰਤ ਨਾਕਾਮ ਬਣਾਇਆ ਗਿਆ ਤੇ ਉਸ ਨੂੰ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਨੰਬਰ 62/63 ਅਧੀਨ ਧਾਰਾ 298 ਬੀਐਨਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੌਜਵਾਨ, ਜਿਸ ਦੀ ਪਛਾਣ ਅਜੀਤ ਸਿੰਘ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਏਸੀਪੀ ਨੇ ਕਿਹਾ ਕਿ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸ ਦੀ ਇਸ ਹਰਕਤ ਪਿੱਛੇ ਕੀ ਮਨਸ਼ਾ ਸੀ ਤੇ ਕੀ ਉਹ ਕਿਸੇ ਹੋਰ ਵਿਅਕਤੀ ਜਾਂ ਗਰੁੱਪ ਨਾਲ ਸੰਪਰਕ ‘ਚ ਸੀ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸਾਰੇ ਤੱਥ ਲੋਕਾਂ ਸਾਹਮਣੇ ਸਪੱਸ਼ਟ ਕੀਤੇ ਜਾਣਗੇ।
ਉੱਥੇ ਹੀ, ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਉਹ ਕਹਿ ਰਿਹਾ ਹੈ ਕਿ ਉਹ ਇਕੱਲਾ ਹੀ ਆਇਆ ਸੀ। ਉਹ ਦੱਸ ਰਿਹਾ ਸੀ ਕਿ ਉਹ ਇੱਥੇ ਕਿਵੇਂ ਪਹੁੰਚਿਆ। ਉਹ ਕਹਿੰਦਾ ਹੈ ਕਿ ਮੈਂ ਆਪਣੀ ਮਰਜ਼ੀ ਨਾਲ ਆਇਆ। ਉਹ ਕਹਿੰਦਾ ਹੈ ਕਿ ਮੈਂ ਝੂਠ ਨਹੀਂ ਬੋਲ ਰਿਹਾ ਤੇ ਨਾ ਹੀ ਮਰਨ ਤੋਂ ਡਰਦਾ ਹਾਂ। ਮੈਨੂੰ ਕੱਟ ਦਿਓ, ਜੇਕਰ ਮੇਰੀ ਗਲਤੀ ਹੈ ਤਾਂ।

LEAVE A REPLY

Please enter your comment!
Please enter your name here