ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ 4 ਜੁਲਾਈ ਨੂੰ ਚੰਡੀਗੜ੍ਹ ‘ਚ ਹੋਣ ਵਾਲੇ ਮੋਰਚੇ ਦੀ ਮੁੱਖ ਮੰਗ ਭਾਰਤ ਤੇ ਅਮਰੀਕਾ ਵਿਚਕਾਰ ਕੀਤੇ ਜਾ ਰਹੇ ਵਪਾਰਕ ਸਮਝੌਤੇ ਨੂੰ ਰੱਦ ਕਰਵਾਉਣ ਦੀ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਵੱਡੇ ਮੋਰਚੇ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਕਿਸਾਨ ਆਗੂ ਪਰਮਿੰਦਰ ਸਿੰਘ ਪੰਡੋਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਖ-ਵੱਖ ਪਿੰਡਾਂ ‘ਚ ਮੀਟਿੰਗਾਂ ਅਤੇ ਝੰਡਾ ਮਾਰਚ ਕਰਕੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨੂੰ ਮੋਰਚੇ ‘ਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ।
ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ 4 ਜੁਲਾਈ ਨੂੰ ਚੰਡੀਗੜ੍ਹ ‘ਚ ਹੋਣ ਵਾਲੇ ਮੋਰਚੇ ਦੀ ਮੁੱਖ ਮੰਗ ਭਾਰਤ ਤੇ ਅਮਰੀਕਾ ਵਿਚਕਾਰ ਕੀਤੇ ਜਾ ਰਹੇ ਵਪਾਰਕ ਸਮਝੌਤੇ ਨੂੰ ਰੱਦ ਕਰਵਾਉਣ ਦੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਜੇਕਰ ਇਹ ਸਮਝੌਤਾ ਲਾਗੂ ਹੋ ਜਾਂਦਾ ਹੈ ਤਾਂ ਇਹ ਦੇਸ਼ ਦੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ “ਮੌਤ ਦਾ ਵਾਰੰਟ” ਸਾਬਤ ਹੋਵੇਗਾ, ਜਿਸ ਨਾਲ ਖੇਤੀ ਤੇ ਪਸ਼ੂ ਪਾਲਣ ਦੇ ਖੇਤਰ ਨੂੰ ਗੰਭੀਰ ਨੁਕਸਾਨ ਪਹੁੰਚੇਗਾ।
ਉਨ੍ਹਾਂ ਦੱਸਿਆ ਕਿ ਮਜੀਠਾ, ਹਰਸ਼ਾ ਛੀਨਾ, ਚੋਗਾਵਾਂ ਤੇ ਹੋਰ ਇਲਾਕਿਆਂ ‘ਚ ਝੰਡਾ ਮਾਰਚ ਕੀਤੇ ਜਾ ਰਹੇ ਹਨ ਤੇ ਪਿੰਡ ਪੱਧਰ ‘ਤੇ ਮੀਟਿੰਗਾਂ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮੋਰਚੇ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸੈਂਕੜੇ ਕਿਸਾਨ, ਮਜ਼ਦੂਰ, ਮਾਵਾਂ ਤੇ ਭੈਣਾਂ ਚੰਡੀਗੜ੍ਹ ਦੀ ਧਰਤੀ ‘ਤੇ ਪਹੁੰਚ ਕੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਗੇ।
ਕਿਸਾਨ ਆਗੂ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ‘ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੇ ਰੇਟਾਂ ‘ਚ ਕਮੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਆਮ ਲੋਕਾਂ ਤੇ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਰੰਤ ਇੰਧਨ ਦੀਆਂ ਕੀਮਤਾਂ ਘਟਾਈਆਂ ਜਾਣ।
ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਦੇਸ਼ ‘ਚ ਖੇਤੀ ਸੰਕਟ ਲਗਾਤਾਰ ਗਹਿਰਾ ਹੁੰਦਾ ਜਾ ਰਿਹਾ ਹੈ ਤੇ ਕਿਸਾਨ ਜ਼ਮੀਨਾਂ ਤੋਂ ਦੂਰ ਹੁੰਦੇ ਜਾ ਰਹੇ ਹਨ ਕਿਉਂਕਿ ਫਸਲਾਂ ਦੀ ਲਾਗਤ ਪੂਰੀ ਨਹੀਂ ਹੋ ਰਹੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ MSP ਗਾਰੰਟੀ ਕਾਨੂੰਨ ਲਾਗੂ ਕੀਤਾ ਜਾਵੇ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਅਮਲ ‘ਚ ਲਿਆਂਦਾ ਜਾਵੇ ਤੇ ਕਿਸਾਨਾਂ ਨੂੰ ਸਸਤਾ ਡੀਜ਼ਲ, ਖਾਦਾਂ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।