Home Desh Maharaja Ranjit Singh ਦੀ ਬਰਸੀ ਮਨਾ ਕੇ ਪਾਕਿ ਤੋਂ ਪਰਤੇ ਸਿੱਖ ਸ਼ਰਧਾਲੂ,...

Maharaja Ranjit Singh ਦੀ ਬਰਸੀ ਮਨਾ ਕੇ ਪਾਕਿ ਤੋਂ ਪਰਤੇ ਸਿੱਖ ਸ਼ਰਧਾਲੂ, ਗੁਰਦੁਆਰਿਆਂ ਦੇ ਦਰਸ਼ਨ ਕਰ ਜਤਾਈ ਖੁਸ਼ੀ

2
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਅਟਾਰੀ-ਵਾਘਾ ਰਾਹੀਂ ਵਾਪਸ ਪਰਤੇ।

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੌਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ-ਵਾਘਾ ਸਰਹੱਦ ਰਾਹੀਂ ਵਾਪਸ ਭਾਰਤ ਪਹੁੰਚ ਗਿਆ। ਇਸ ਦੌਰਾਨ ਸ਼ਰਧਾਲੂਆਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਸਾਫ਼ ਤੌਰ ‘ਤੇ ਨਜ਼ਰ ਆ ਰਹੀ ਸੀ। ਸ਼ਰਧਾਲੂਆਂ ਨੇ ਪਾਕਿਸਤਾਨ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਕੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਉੱਥੇ ਮਿਲੇ ਸਨਮਾਨ ਅਤੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ।

ਗੁਰਦੁਆਰਿਆਂ ਦੇ ਦਰਸ਼ਨ ਕਰ ਜਤਾਈ ਖੁਸ਼ੀ

ਅੰਮ੍ਰਿਤਸਰ ਦੇ ਰਹਿਣ ਵਾਲੇ ਸ਼ਰਧਾਲੂ ਬਲਵੀਰ ਸਿੰਘ ਨੇ ਦੱਸਿਆ ਕਿ ਉਹ ਪਾਕਿਸਤਾਨ ਦੌਰੇ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਦੇ ਦਰਸ਼ਨ ਕਰਨ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਅਤੇ ਲਾਹੌਰ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕੀਤੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਥਾਨਾਂ ‘ਤੇ ਸਿੱਖ ਇਤਿਹਾਸ ਨਾਲ ਜੁੜੀਆਂ ਮਹੱਤਵਪੂਰਨ ਘਟਨਾਵਾਂ ਵਾਪਰੀਆਂ। ਉਨ੍ਹਾਂ ਥਾਵਾਂ ‘ਤੇ ਜਾ ਕੇ ਮਨ ਨੂੰ ਅਲੌਕਿਕ ਸ਼ਾਂਤੀ ਅਤੇ ਖੁਸ਼ੀ ਪ੍ਰਾਪਤ ਹੋਈ।

ਜਾਣੋ ਕੀ ਬੋਲੇ ਸ਼ਰਧਾਲੂ

ਬਲਵੀਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਹਰ ਸਮੇਂ ਸੁਰੱਖਿਆ ਮੁਲਜ਼ਮ ਉਨ੍ਹਾਂ ਦੇ ਨਾਲ ਮੌਜੂਦ ਰਹਿੰਦੇ ਸਨ ਅਤੇ ਪੂਰੇ ਦੌਰੇ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਸ਼ਬਦਾਂ ਵਿੱਚ ਬਿਆਨ ਨਹੀਂ ਕੀਤੀ ਜਾ ਸਕਦੀ ਅਤੇ ਜੇਕਰ ਦੋਵਾਂ ਦੇਸ਼ਾਂ ਵਿਚਕਾਰ ਰਿਸ਼ਤੇ ਹੋਰ ਸੁਧਰਨ ਤਾਂ ਲੋਕਾਂ ਵਿੱਚ ਪਿਆਰ ਅਤੇ ਸਾਂਝ ਹੋਰ ਵਧੇਗੀ।
ਇਸ ਮੌਕੇ ਸ਼ਰਧਾਲੂ ਹਰਜੀਤ ਕੌਰ ਨੇ ਦੱਸਿਆ ਕਿ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ ਸੀ ਅਤੇ ਅੱਜ 30 ਜੂਨ ਨੂੰ ਵਾਪਸ ਪਰਤੇ ਹਾਂ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਉਨ੍ਹਾਂ ਲਈ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ ਸਨ ਅਤੇ ਉੱਥੋਂ ਦੇ ਲੋਕਾਂ ਨੇ ਬਹੁਤ ਪਿਆਰ ਅਤੇ ਸਤਿਕਾਰ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਨਨਕਾਣਾ ਸਾਹਿਬ, ਪੰਜਾ ਸਾਹਿਬ, ਕਰਤਾਰਪੁਰ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਕੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮਨੋਕਾਮਨਾ ਪੂਰੀ ਹੋਈ ਹੈ।

ਸਰਕਾਰਾਂ ਤੋਂ ਵੀਜ਼ਾ ਛੋਟ ਦੀ ਮੰਗ

ਸ਼ਰਧਾਲੂਆਂ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਵੀਜ਼ਾ ਪ੍ਰਕਿਰਿਆ ਨੂੰ ਹੋਰ ਸਰਲ ਬਣਾਇਆ ਜਾਵੇ ਅਤੇ ਸ਼ਰਧਾਲੂਆਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਸਾਂਝੀ ਵਿਰਾਸਤ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤੀ ਮਿਲ ਸਕੇ।

LEAVE A REPLY

Please enter your comment!
Please enter your name here