ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਅਗਲੇ ਪੰਜ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਜਾਰੀ ਰਹੇਗਾ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਐਕਟਿਵ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ। ਲਗਾਤਾਰ ਮੀਂਹ ਪੈਣ ਨਾਲ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ।ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਅਗਲੇ ਪੰਜ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਜਾਰੀ ਰਹੇਗਾ। ਮਾਨਸੂਨ 1 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੋਵਾਂ ਵਿੱਚ ਪਹੁੰਚਿਆ ਸੀ। ਪਿਛਲੇ ਸਾਲ ਦੇ ਮੁਕਾਬਲੇ, ਇਹ ਪੰਜਾਬ ਵਿੱਚ ਨੌਂ ਦਿਨ ਦੇਰੀ ਨਾਲ ਅਤੇ ਚੰਡੀਗੜ੍ਹ ਵਿੱਚ ਸੱਤ ਦਿਨ ਦੇਰੀ ਨਾਲ ਪਹੁੰਚਿਆ।
ਤਾਪਮਾਨ ਵਿੱਚ ਭਾਰੀ ਗਿਰਾਵਟ, ਗਰਮੀ ਤੋਂ ਰਾਹਤ
ਮੌਨਸੂਨ ਦੀ ਬਾਰਿਸ਼ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਲਗਭਗ 2.5 ਡਿਗਰੀ ਸੈਲਸੀਅਸ ਘੱਟ ਗਿਆ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਰੋਪੜ ਵਿੱਚ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ ਵਿੱਚ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ 20.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਲਗਭਗ 3.4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ, ਜਿਸ ਕਾਰਨ ਲੋਕ ਰਾਤ ਨੂੰ ਵੀ ਗਰਮੀ ਤੋਂ ਰਾਹਤ ਮਹਿਸੂਸ ਕਰ ਰਹੇ ਹਨ।
ਅਗਲੇ 5 ਦਿਨ ਇਸ ਇਹ ਤਰ੍ਹਾਂ ਰਹੇਗਾ ਮੌਸਮ
3 ਅਤੇ 4 ਜੁਲਾਈ ਨੂੰ, ਕਈ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 5 ਜੁਲਾਈ ਤੋਂ 8 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਲਈ ਔਰੇਜ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ, ਕਈ ਥਾਵਾਂ ‘ਤੇ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ।
ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜਰੀ
ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਭਾਰੀ ਮੀਂਹ ਅਤੇ ਤੂਫਾਨ ਦੌਰਾਨ ਦਰੱਖਤਾਂ, ਬਿਜਲੀ ਦੀਆਂ ਤਾਰਾਂ ਅਤੇ ਕਮਜ਼ੋਰ ਇਮਾਰਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਲੋਕਾਂ ਨੂੰ ਕਿਸੇ ਵੀ ਹਾਦਸੇ ਤੋਂ ਬਚਣ ਲਈ ਜ਼ਰੂਰੀ ਯਾਤਰਾ ਨੂੰ ਛੱਡ ਕੇ, ਪਾਣੀ ਭਰੇ ਖੇਤਰਾਂ ਅਤੇ ਨੀਵੇਂ ਇਲਾਕਿਆਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।