Home Desh PM Modi ਦੇ ਦੌਰੇ ਤੋਂ ਬਾਅਦ AAP ਨੇ ਘੇਰੀ ਭਾਜਪਾ, ਵਿੱਤ ਮੰਤਰੀ...

PM Modi ਦੇ ਦੌਰੇ ਤੋਂ ਬਾਅਦ AAP ਨੇ ਘੇਰੀ ਭਾਜਪਾ, ਵਿੱਤ ਮੰਤਰੀ ਚੀਮਾ ਬੋਲੇ- ‘ਪੰਜਾਬ ਨੂੰ ਇੱਕ ਰੁਪਿਆ ਨਹੀਂ ਦਿੱਤਾ, ਸਿਰਫ਼ ਬਦਨਾਮ ਕੀਤਾ’

14
0

PM Modi ਦੇ ਜਲੰਧਰ ਦੌਰੇ ਅਤੇ ਆਮ ਆਦਮੀ ਪਾਰਟੀ ‘ਤੇ ਕੀਤੇ ਗਏ ਤਿੱਖੇ ਹਮਲਿਆਂ ਤੋਂ ਬਾਅਦ ਹੁਣ ਪੰਜਾਬ ਦੀ ਸੱਤਾਧਾਰੀ ਪਾਰਟੀ ਨੇ ਵੀ ਪਲਟਵਾਰ ਕਰ ਦਿੱਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਅਤੇ ਆਮ ਆਦਮੀ ਪਾਰਟੀ ‘ਤੇ ਕੀਤੇ ਗਏ ਤਿੱਖੇ ਹਮਲਿਆਂ ਤੋਂ ਬਾਅਦ ਹੁਣ ਪੰਜਾਬ ਦੀ ਸੱਤਾਧਾਰੀ ਪਾਰਟੀ ਨੇ ਵੀ ਪਲਟਵਾਰ ਕਰ ਦਿੱਤਾ ਹੈ। ‘ਆਪ’ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਭਾਰਤੀ ਜਨਤਾ ਪਾਰਟੀ ਨੂੰ ਆੜੇ ਹੱਥੀਂ ਲਿਆ। ਜ਼ਿਕਰਯੋਗ ਹੈ ਕਿ ਪੀ.ਐਮ. ਮੋਦੀ ਨੇ ਪੰਜਾਬ ਵਿੱਚ ‘ਆਪ’ ਸਰਕਾਰ ਨੂੰ ‘ਕੱਟੜ ਬੇਈਮਾਨ ਪਾਰਟੀ’ ਗਰਦਾਨਿਆ ਸੀ ਅਤੇ ਸੂਬੇ ਵਿੱਚ ਗੈਂਗਸਟਰਾਂ ਵੱਲੋਂ ਮੰਗੀ ਜਾ ਰਹੀ ਰੰਗਦਾਰੀ ਤੇ ਚੱਲ ਰਹੀਆਂ ਗੋਲੀਆਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ਸੀ। ਪ੍ਰਧਾਨ ਮੰਤਰੀ ਦੇ ਇਨ੍ਹਾਂ ਗੰਭੀਰ ਦੋਸ਼ਾਂ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਲਈ ਕੁਝ ਨਹੀਂ ਕੀਤਾ ਅਤੇ ਉਹ ਸਿਰਫ਼ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੌਰੇ ‘ਤੇ ਤਾਂ ਆਏ, ਪਰ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲਟਕਦੇ ਆ ਰਹੇ ਫੰਡਾਂ ਬਾਰੇ ਇੱਕ ਸ਼ਬਦ ਵੀ ਨਹੀਂ ਬੋਲਿਆ। ਉਨ੍ਹਾਂ ਭਾਜਪਾ ‘ਤੇ ਸਿੱਧਾ ਅਤੇ ਬੇਹੱਦ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਜਿਸ ਪਾਰਟੀ ਨਾਲ ਪ੍ਰਧਾਨ ਮੰਤਰੀ ਮੋਦੀ ਜੁੜੇ ਹੋਏ ਹਨ, ਉਸ ਭਾਜਪਾ ਨੇ ਰਾਮ ਮੰਦਰ ਵਿੱਚੋਂ ਚੋਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਦੇ ਸ਼ਰਧਾਲੂਆਂ ਵੱਲੋਂ ਜੋ ਚੰਦਾ ਅਤੇ ਕੀਮਤੀ ਵਸਤੂਆਂ ਚੜ੍ਹਾਈਆਂ ਗਈਆਂ ਸਨ, ਉੱਤਰ ਪ੍ਰਦੇਸ਼ ਦੀ ਭਾਜਪਾ ਨੇ ਉਸ ਸਭ ਦੀ ਚੋਰੀ ਕੀਤੀ ਹੈ। ਚੀਮਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਜੋ 5 ਗਾਰੰਟੀਆਂ ਦਿੱਤੀਆਂ ਸਨ, ਉਹ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ, ਜਦਕਿ ਪ੍ਰਧਾਨ ਮੰਤਰੀ ਸਿਰਫ਼ ਗਲਤ ਇਲਜ਼ਾਮ ਲਗਾ ਕੇ ਚਲੇ ਗਏ ਹਨ।

ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਵੇਲੇ ਪੰਜਾਬ ‘ਚ ਆਇਆ ਨਸ਼ਾ

ਵਿੱਤ ਮੰਤਰੀ ਚੀਮਾ ਨੇ ਪੁਰਾਣੇ ਸਮੇਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ‘ਡਬਲ ਇੰਜਣ’ ਸਰਕਾਰ ਸੀ, ਤਾਂ ਉਨ੍ਹਾਂ ਨੇ ਸੂਬੇ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਉਸ ਸਮੇਂ ਕੋਈ ਵਿਕਾਸ ਕਾਰਜ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਗਠਜੋੜ ਦੀ ਸਰਕਾਰ ਸੀ, ਉਦੋਂ ਹੀ ਭਾਜਪਾ ਪੰਜਾਬ ਵਿੱਚ ਨਸ਼ਾ ਲੈ ਕੇ ਆਈ ਸੀ। ਇਨ੍ਹਾਂ ਲੋਕਾਂ ਨੇ ਹੀ ਸੂਬੇ ਵਿੱਚ ਨਸ਼ਾ ਫੈਲਾਇਆ ਅਤੇ ਇਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਵੀ ਵਾਪਰੀਆਂ।

ਹੜ੍ਹ ਰਾਹਤ ਦੇ ਨਾਮ ‘ਤੇ ਪੰਜਾਬ ਨੂੰ ਇੱਕ ਰੁਪਿਆ ਵੀ ਨਹੀਂ ਦਿੱਤਾ

ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਕਥਿਤ ਵਿਤਕਰੇ ‘ਤੇ ਬੋਲਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਭਿਆਨਕ ਹੜ੍ਹ ਆਏ ਸਨ, ਤਾਂ ਅਸੀਂ ਸੂਬੇ ਦੇ ਹਾਲਾਤ ਨੂੰ ਸੁਧਾਰਨ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਸੀ। ਉਸ ਸਮੇਂ ਪ੍ਰਧਾਨ ਮੰਤਰੀ ਮੋਦੀ ਨੇ ਸਿਰਫ਼ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ, ਪਰ ਅਸਲ ਵਿੱਚ ਪੰਜਾਬ ਨੂੰ ਇੱਕ ਰੁਪਿਆ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੂੰ ਇਹ ਆਸ ਸੀ ਕਿ ਪ੍ਰਧਾਨ ਮੰਤਰੀ ਮੋਦੀ ਆਪਣੇ ਨਾਲ ਕੋਈ ਵਿਸ਼ੇਸ਼ ਚੈੱਕ ਲੈ ਕੇ ਆਉਣਗੇ ਅਤੇ ਪੰਜਾਬ ਦਾ ਰੁਕਿਆ ਹੋਇਆ ਫੰਡ ਦੇ ਕੇ ਜਾਣਗੇ, ਪਰ ਪੀ.ਐਮ. ਸੂਬੇ ਨੂੰ ਕੁਝ ਵੀ ਦੇ ਕੇ ਨਹੀਂ ਗਏ। ਉਨ੍ਹਾਂ ਮੁੜ ਦੁਹਰਾਇਆ ਕਿ ਪੰਜਾਬ ਨੂੰ ਫੰਡ ਦੇਣ ਦੀ ਬਜਾਏ ਭਾਜਪਾ ਰਾਮ ਮੰਦਰ ਦੇ ਚੰਦੇ ਦੀ ਚੋਰੀ ਕਰਨ ਵਿੱਚ ਮਸਤ ਹੈ।

LEAVE A REPLY

Please enter your comment!
Please enter your name here