Home latest News ਕੰਮ ‘ਤੇ ਪਰਤੇ ਸਫ਼ਾਈ ਕਰਮਚਾਰੀ, ਸ਼ਹਿਰਾਂ ‘ਚ ਜੰਗੀ ਪੱਧਰ ‘ਤੇ ਸਫ਼ਾਈ ਮੁਹਿੰਮ...

ਕੰਮ ‘ਤੇ ਪਰਤੇ ਸਫ਼ਾਈ ਕਰਮਚਾਰੀ, ਸ਼ਹਿਰਾਂ ‘ਚ ਜੰਗੀ ਪੱਧਰ ‘ਤੇ ਸਫ਼ਾਈ ਮੁਹਿੰਮ ਸ਼ੁਰੂ

4
0

ਹੜਤਾਲ ਦੌਰਾਨ ਕਈ ਸ਼ਹਿਰਾਂ ਦੀਆਂ ਸੜਕਾਂ, ਬਾਜ਼ਾਰਾਂ ਤੇ ਰਿਹਾਇਸ਼ੀ ਇਲਾਕਿਆਂ ‘ਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਸਨ।

ਪੰਜਾਬ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਕਰੀਬ ਤਿੰਨ ਹਫ਼ਤਿਆਂ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀ ਹੜਤਾਲ ਆਖ਼ਿਰਕਾਰ ਖ਼ਤਮ ਹੋ ਗਈ ਹੈ। ਸਰਕਾਰ ਤੇ ਸਫ਼ਾਈ ਕਰਮਚਾਰੀ ਯੂਨੀਅਨਾਂ ਵਿਚਾਲੇ ਸਫ਼ਲ ਗੱਲਬਾਤ ਤੋਂ ਬਾਅਦ ਬਣੀ ਸਹਿਮਤੀ ਨਾਲ ਕਰਮਚਾਰੀ ਮੁੜ ਡਿਊਟੀ ‘ਤੇ ਪਰਤ ਆਏ ਹਨ। ਇਸ ਦੇ ਨਾਲ ਹੀ ਸੂਬੇ ਭਰ ‘ਚ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ।
ਹੜਤਾਲ ਦੌਰਾਨ ਕਈ ਸ਼ਹਿਰਾਂ ਦੀਆਂ ਸੜਕਾਂ, ਬਾਜ਼ਾਰਾਂ ਤੇ ਰਿਹਾਇਸ਼ੀ ਇਲਾਕਿਆਂ ‘ਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਸਨ। ਕਈ ਥਾਵਾਂ ‘ਤੇ ਸੀਵਰੇਜ ਜਾਮ ਹੋਣ ਕਾਰਨ ਗੰਦੇ ਪਾਣੀ ਦੀ ਨਿਕਾਸੀ ਵੀ ਪ੍ਰਭਾਵਿਤ ਹੋਈ ਸੀ, ਜਿਸ ਨਾਲ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮਾਨਸੂਨ ਦੇ ਮੌਸਮ ‘ਚ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਸੀ।

ਸਫ਼ਾਈ ਕੰਮ ‘ਚ ਜੁਟੇ ਕਰਮਚਾਰੀ

ਹੁਣ ਹੜਤਾਲ ਖ਼ਤਮ ਹੋਣ ਤੋਂ ਬਾਅਦ ਮੰਗਲਵਾਰ ਸਵੇਰੇ ਤੋਂ ਸਫ਼ਾਈ ਕਰਮਚਾਰੀ ਵੱਖ-ਵੱਖ ਵਾਰਡਾਂ ‘ਚ ਸਫ਼ਾਈ ਕੰਮ ‘ਚ ਜੁਟ ਗਏ ਹਨ। ਨਗਰ ਨਿਗਮਾਂ ਤੇ ਨਗਰ ਕੌਂਸਲਾਂ ਵੱਲੋਂ ਜੇਸੀਬੀ ਮਸ਼ੀਨਾਂ ਤੇ ਸਫ਼ਾਈ ਕਰਮਚਾਰੀਆਂ ਦੀ ਮਦਦ ਨਾਲ ਜੰਗੀ ਪੱਧਰ ‘ਤੇ ਕੂੜਾ ਚੁੱਕਣ ਤੇ ਸ਼ਹਿਰਾਂ ਦੀ ਸਫ਼ਾਈ ਨੂੰ ਮੁੜ ਆਮ ਹਾਲਤ ‘ਚ ਲਿਆਉਣ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲ ਦੇ ਆਧਾਰ ‘ਤੇ ਉਨ੍ਹਾਂ ਇਲਾਕਿਆਂ ਦੀ ਸਫ਼ਾਈ ਕੀਤੀ ਜਾ ਰਹੀ ਹੈ, ਜਿੱਥੇ ਸਭ ਤੋਂ ਵੱਧ ਗੰਦਗੀ ਇਕੱਠੀ ਹੋ ਗਈ ਸੀ।

ਸਰਕਾਰ ਤੇ ਸਫ਼ਾਈ ਕਰਮਚਾਰੀ ਯੂਨੀਅਨਾਂ ਵਿਚਾਲੇ ਸਮਝੌਤਾ

ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੇ ਸਫ਼ਾਈ ਕਰਮਚਾਰੀ ਯੂਨੀਅਨਾਂ ਵਿਚਾਲੇ ਹੋਏ ਸਮਝੌਤੇ ਤੋਂ ਬਾਅਦ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਮਹੀਨਾਵਾਰ ਤਨਖਾਹ 10 ਹਜ਼ਾਰ ਰੁਪਏ ਤੋਂ ਵਧਾ ਕੇ 20,500 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ, ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਆਊਟਸੋਰਸ ਕਰਮਚਾਰੀਆਂ ਨੂੰ ਇਨ-ਸੋਰਸ ਕਰਨ, ਸਾਲ 2021 ‘ਚ ਇਨ-ਸੋਰਸ ਹੋਏ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਪੱਕੇ ਹੋਣ ਲਈ ਉਮਰ ਸੀਮਾ ਦੀ ਸ਼ਰਤ ਖ਼ਤਮ ਕਰਨ ‘ਤੇ ਵੀ ਸਹਿਮਤੀ ਬਣੀ ਹੈ।
ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਅਗਲੇ 24 ਘੰਟਿਆਂ ਦੇ ਅੰਦਰ ਸੂਬੇ ਦੇ ਸਾਰੇ ਸ਼ਹਿਰਾਂ ‘ਚ ਸਫ਼ਾਈ ਪ੍ਰਬੰਧ ਪੂਰੀ ਤਰ੍ਹਾਂ ਬਹਾਲ ਕਰ ਦਿੱਤੇ ਜਾਣਗੇ। ਦੂਜੇ ਪਾਸੇ, ਸ਼ਹਿਰ ਵਾਸੀਆਂ ਨੇ ਵੀ ਉਮੀਦ ਜਤਾਈ ਹੈ ਕਿ ਹੁਣ ਸਫ਼ਾਈ ਪ੍ਰਬੰਧ ਪਹਿਲਾਂ ਵਾਂਗ ਸੁਚਾਰੂ ਹੋ ਜਾਣਗੇ ਤੇ ਗੰਦਗੀ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ।

LEAVE A REPLY

Please enter your comment!
Please enter your name here