Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪਠਾਨਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਅਸਮਾਨ ਵਿੱਚ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਗਰਜ-ਚਮਕ ਨਾਲ ਇੱਕ ਜਾਂ ਦੋ ਵਾਰ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਸੂਬੇ ਭਰ ਵਿੱਚ ਹੋਈ ਤਾਜ਼ਾ ਬਾਰਿਸ਼ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 3.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫ਼ਿਰੋਜ਼ਪੁਰ ਵਿਖੇ 34.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਸੂਬੇ ਭਰ ਵਿੱਚ ਹੋਈ ਤਾਜ਼ਾ ਬਾਰਿਸ਼ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 3.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫ਼ਿਰੋਜ਼ਪੁਰ ਵਿਖੇ 34.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
14 ਅਗਸਤ ਨੂੰ 8 ਜ਼ਿਲ੍ਹਿਆਂ ‘ਚ ਪਿਆ ਮੀਂਹ
ਮੌਸਮ ਕੇਂਦਰ ਤੋਂ ਪ੍ਰਾਪਤ ਅੰਕੜਿਆਂ ਮੁਤਾਬਕ 14 ਅਗਸਤ ਨੂੰ ਪੰਜਾਬ ਦੇ ਘੱਟੋ-ਘੱਟ 8 ਜ਼ਿਲ੍ਹਿਆਂ ਵਿੱਚ ਬਾਰਿਸ਼ ਰਿਕਾਰਡ ਕੀਤੀ ਗਈ ਸੀ। ਇਸ ਦੌਰਾਨ ਸਭ ਤੋਂ ਵੱਧ ਮੀਂਹ ਪਟਿਆਲਾ ਦੇ ਰੌਣੀ ਵਿਖੇ 35 ਮਿਲੀਮੀਟਰ ਦਰਜ ਹੋਇਆ। ਇਸ ਤੋਂ ਇਲਾਵਾ ਪਟਿਆਲਾ ਸ਼ਹਿਰ ਵਿੱਚ 28.8 ਮਿਲੀਮੀਟਰ, ਲੁਧਿਆਣਾ ਵਿੱਚ 25 ਮਿਲੀਮੀਟਰ, ਲੁਧਿਆਣਾ AWS ਵਿੱਚ 11.5 ਮਿਲੀਮੀਟਰ, ਥੀਨ ਡੈਮ ਖੇਤਰ ਵਿੱਚ 5 ਮਿਲੀਮੀਟਰ, ਕੇ.ਵੀ.ਕੇ. ਪਠਾਨਕੋਟ ਵਿੱਚ 3 ਮਿਲੀਮੀਟਰ, ਬਠਿੰਡਾ ਵਿੱਚ 1.5 ਮਿਲੀਮੀਟਰ, ਚੰਡੀਗੜ੍ਹ ਵਿੱਚ 0.8 ਮਿਲੀਮੀਟਰ ਅਤੇ ਗੁਰਦਾਸਪੁਰ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਮਾਨਸੂਨ ਮੁੜ ਹੋਇਆ ਸਰਗਰਮ
ਮੌਸਮ ਮਾਹਿਰਾਂ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਦੇ ਖੇਤਰ ਵਿੱਚ ਮਾਨਸੂਨ ਦੀ ਟਰੱਫ਼ ਲਾਈਨ ਪੂਰੀ ਤਰ੍ਹਾਂ ਸਰਗਰਮ ਹੈ। ਇਹ ਟਰੱਫ਼ ਲਾਈਨ ਫ਼ਿਰੋਜ਼ਪੁਰ ਤੋਂ ਸ਼ੁਰੂ ਹੋ ਕੇ ਝਾਰਖੰਡ ਅਤੇ ਪੱਛਮੀ ਬੰਗਾਲ ਤੱਕ ਫੈਲੀ ਹੋਈ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੱਦਲਵਾਈ ਬਣੀ ਰਹੇਗੀ ਅਤੇ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਤੇ ਗਰਜ-ਚਮਕ ਨਾਲ ਮੀਂਹ ਪੈਣ ਦਾ ਸਿਲਸਿਲਾ ਜਾਰੀ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਉੱਪਰਲੇ ਵਾਯੂਮੰਡਲ ਵਿੱਚ ਇੱਕ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਵੀ ਸਰਗਰਮ ਹੈ, ਜਿਸ ਕਾਰਨ ਆਉਣ ਵਾਲੇ ਸਮੇਂ ਦੌਰਾਨ ਮੌਸਮ ਵਿੱਚ ਤਬਦੀਲੀ ਅਤੇ ਬਾਰਿਸ਼ ਦੇ ਅਨੁਕੂਲ ਹਾਲਾਤ ਬਣੇ ਰਹਿਣਗੇ।
ਸੂਬੇ ‘ਚ ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤੋਂ ਪਾਰ
ਮੌਸਮ ਵਿੱਚ ਬਦਲਾਅ ਦੇ ਬਾਵਜੂਦ ਪੰਜਾਬ ਵਿੱਚ ਬਿਜਲੀ ਦੀ ਖ਼ਪਤ ਕਾਫ਼ੀ ਉੱਚੇ ਪੱਧਰ ‘ਤੇ ਬਣੀ ਹੋਈ ਹੈ। ਸ਼ਨੀਵਾਰ ਸਵੇਰੇ ਸੂਬੇ ਅੰਦਰ ਬਿਜਲੀ ਦੀ ਕੁੱਲ ਮੰਗ 13,203 ਮੈਗਾਵਾਟ ਦਰਜ ਕੀਤੀ ਗਈ। ਇਸ ਮੰਗ ਦੀ ਪੂਰਤੀ ਲਈ ਸੂਬੇ ਦਾ ਆਪਣਾ ਕੁੱਲ ਬਿਜਲੀ ਉਤਪਾਦਨ 4,209 ਮੈਗਾਵਾਟ ਰਿਹਾ, ਜਦਕਿ ਨੈਸ਼ਨਲ ਗਰਿੱਡ ਤੋਂ 8,995 ਮੈਗਾਵਾਟ ਬਿਜਲੀ ਪ੍ਰਾਪਤ ਕੀਤੀ ਜਾ ਰਹੀ ਸੀ। ਤੈਅਸ਼ੁਦਾ ਕੋਟੇ 9,388 ਮੈਗਾਵਾਟ ਦੇ ਮੁਕਾਬਲੇ ਗਰਿੱਡ ਤੋਂ 393 ਮੈਗਾਵਾਟ ਘੱਟ ਬਿਜਲੀ ਲਈ ਗਈ।