Home latest News Punjab ‘ਚ ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਸਤੰਬਰ ‘ਚ 17,423...

Punjab ‘ਚ ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਸਤੰਬਰ ‘ਚ 17,423 ਮੈਗਾਵਾਟ ਡਿਮਾਂਡ

6
0

ਪੰਜਾਬ ‘ਚ ਸਤੰਬਰ ਮਹੀਨੇ ਬਿਜਲੀ ਦੀ ਰਿਕਾਰਡ ਤੋੜ ਮੰਗ ਦੇਖੀ ਜਾ ਰਹੀ ਹੈ।

ਬੀਤੇ ਦਿਨ ਬਿਜਲੀ ਦੀ ਮੰਗ 17,423 ਮੈਗਵਾਟ ਤੱਕ ਪਹੁੰਚ ਗਈ, ਜੋ ਕਿ ਹੁਣ ਤੱਕ ਦੀ ਸਤੰਬਰ ਮਹੀਨੇ ਦੀ ਸਭ ਤੋਂ ਵੱਧ ਮੰਗ ਹੈ। ਬਿਜਲੀ ਵਿਭਾਗ ਦਾ ਕਹਿਣਾ ਹੈ ਕਿ ਸੂਬੇ ‘ਚ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਬਿਜਲੀ ਦੀ ਮੰਗ ਪੂਰੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਵੀ ਰਿਹਾਇਸ਼ੀ, ਵਪਾਰਕ, ਉਦਯੋਗਿਕ ਤੇ ਹੋਰ ਖੇਤਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦਾ ਦਾਅਵਾ ਕੀਤਾ ਗਿਆ ਹੈ।
ਬੀਤੇ ਦਿਨ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਲੁਧਿਆਣਾ ‘ਚ ਪ੍ਰੈੱਸ ਕਾਨਫਰੰਸ ਕਰਕੇ ਬਿਜਲੀ ਸਪਲਾਈ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਕਿਉਂਕਿ ਬੰਦ ਪਏ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਹੈ ਤੇ ਸਰਕਾਰੀ ਬਿਜਲੀ ਪਲਾਂਟ ਵੀ ਪੂਰੀ ਸਮਰੱਥਾ ਨਾਲ ਚੱਲ ਰਹੇ ਹਨ।
ਮੰਤਰੀ ਸੌਂਦ ਨੇ ਕਿਹਾ ਕਿ ਕਮਜ਼ੋਰ ਮਾਨਸੂਨ ਤੇ ਐਲ ਨੀਨੋ ਵਰਗੇ ਮੌਸਮੀ ਕਾਰਕਾਂ ਕਾਰਨ ਬਿਜਲੀ ਦੀ ਮੰਗ ਤੇ ਸਪਲਾਈ ਪ੍ਰਭਾਵਿਤ ਹੋਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀ ਟੀਮ ਨੇ ਦਿਨ-ਰਾਤ ਮਿਹਨਤ ਕਰਕੇ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਹੈ।

ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਸਰਕਾਰੀ ਪਲਾਂਟ ਪੂਰੀ ਸਮਰੱਥਾ ਨਾਲ ਚੱਲ ਰਹੇ

ਬਿਜਲੀ ਮੰਤਰੀ ਨੇ ਕਿਹਾ ਕਿ ਬੰਦ ਪਏ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਠੀਕ ਕਰਕੇ ਮੁੜ ਚਾਲੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 10 ਸਰਕਾਰੀ ਬਿਜਲੀ ਪਲਾਂਟ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਆਮ ਲੋਕਾਂ ਨੂੰ ਬਿਜਲੀ ਸਪਲਾਈ ਸਬੰਧੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੂਬੇ ਦੀ ਇੰਡਸਟਰੀ ਨੂੰ ਵੀ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਦਯੋਗਿਕ ਇਕਾਈਆਂ ਨੂੰ ਬਿਜਲੀ ਸਪਲਾਈ ਨਾਲ ਸਬੰਧਤ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਕਿਸਾਨਾਂ ਨੂੰ ਰੋਜ਼ਾਨਾ 2 ਘੰਟੇ ਵਾਧੂ ਬਿਜਲੀ

ਮੰਤਰੀ ਨੇ ਕਿਸਾਨਾਂ ਲਈ ਵੀ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਰੋਜ਼ਾਨਾ 2 ਘੰਟੇ ਵਾਧੂ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਸਬੰਧੀ ਆਈ ਸਮੱਸਿਆ ਨੂੰ ਹੱਲ ਕਰ ਲਿਆ ਗਿਆ ਹੈ। ਸਰਕਾਰ ਦਾ ਧਿਆਨ ਆਮ ਲੋਕਾਂ, ਕਿਸਾਨਾਂ ਤੇ ਉਦਯੋਗ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਹੈ।

LEAVE A REPLY

Please enter your comment!
Please enter your name here