Home Desh ਬਟਾਲਾ ਨੇੜੇ ਸਾਬਕਾ ਕੇਂਦਰੀ ਮੰਤਰੀ ਬਿੱਟੂ ਦੇ ਕਾਫ਼ਲੇ ‘ਤੇ ਹਮਲਾ, ਗੱਡੀਆਂ ਦੇ...

ਬਟਾਲਾ ਨੇੜੇ ਸਾਬਕਾ ਕੇਂਦਰੀ ਮੰਤਰੀ ਬਿੱਟੂ ਦੇ ਕਾਫ਼ਲੇ ‘ਤੇ ਹਮਲਾ, ਗੱਡੀਆਂ ਦੇ ਸ਼ੀਸ਼ੇ ਭੰਨੇ; ਸੁੱਟੇ ਆਂਡੇ ਤੇ ਟਮਾਟਰ

5
0

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ‘ਤੇ ਸ਼ੁੱਕਰਵਾਰ ਨੂੰ ਕੁਝ ਲੋਕਾਂ ਵੱਲੋਂ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।

ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ‘ਤੇ ਸ਼ੁੱਕਰਵਾਰ ਨੂੰ ਕੁਝ ਲੋਕਾਂ ਵੱਲੋਂ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਬਟਾਲਾ ਨੇੜਲੇ ਕਸਬੇ ਘਸੀਟਪੁਰ ਵਿਖੇ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦੇ ਕਾਫ਼ਲੇ ਦਾ ਘਿਰਾਓ ਕੀਤਾ ਗਿਆ ਅਤੇ ਗੱਡੀਆਂ ਦੀ ਭੰਨਤੋੜ ਕਰਦਿਆਂ ਸ਼ੀਸ਼ੇ ਤੋੜ ਦਿੱਤੇ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਗੱਡੀਆਂ ਉੱਤੇ ਆਂਡੇ ਅਤੇ ਟਮਾਟਰ ਵੀ ਸੁੱਟੇ ਗਏ।

ਸੁਰੱਖਿਆ ਕਰਮੀ ਘਰ ਅੰਦਰ ਲੈ ਗਏ

ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ‘ਜ਼ੈੱਡ ਪਲੱਸ’ (Z+) ਸ਼੍ਰੇਣੀ ਦੀ ਸੁਰੱਖਿਆ ਪ੍ਰਾਪਤ ਹੈ। ਹਮਲੇ ਦੌਰਾਨ ਹਾਲਾਤ ਵਿਗੜਦੇ ਦੇਖ ਕੇ ਸੁਰੱਖਿਆ ਕਰਮੀਆਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਉਨ੍ਹਾਂ ਨੂੰ ਸੁਰੱਖਿਅਤ ਘੇਰੇ ਵਿੱਚ ਲਿਆ ਅਤੇ ਨਜ਼ਦੀਕੀ ਇੱਕ ਘਰ ਦੇ ਅੰਦਰ ਲੈ ਗਏ। ਬਿੱਟੂ ਮੁਤਾਬਕ, ਸਥਿਤੀ ਬੇਹੱਦ ਤਣਾਅਪੂਰਨ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਹਾਈਵੇਅ ‘ਤੇ ਗੱਡੀਆਂ ਰੋਕਣੀਆਂ ਪਈਆਂ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਭੀੜ ਵਿੱਚ ਕੁਝ ਸ਼ਰਾਰਤੀ ਅੰਸਰਾਂ ਕੋਲ ਹਥਿਆਰ ਵੀ ਮੌਜੂਦ ਸਨ, ਜਿਸ ਕਰਕੇ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਬਚਾਅ ਲਈ ਘਰ ਦੇ ਅੰਦਰ ਸੁਰੱਖਿਅਤ ਰੱਖਿਆ। ਇਸ ਮਗਰੋਂ ਸੁਰੱਖਿਆ ਟੀਮ ਨੇ ਮੌਕੇ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।

ਕੇਂਦਰੀ ਗ੍ਰਹਿ ਮੰਤਰੀ ਅਤੇ ਡੀਜੀਪੀ ਨੂੰ ਦਿੱਤੀ ਘਟਨਾ ਦੀ ਜਾਣਕਾਰੀ

ਇਸ ਘਟਨਾ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਨੇ ਤੁਰੰਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਡੀਜੀਪੀ (DGP) ਨਾਲ ਸੰਪਰਕ ਕਰਕੇ ਪੂਰੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ। ਬਿੱਟੂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਹਾਲਾਂਕਿ, ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਦੀ ਪਛਾਣ ਅਤੇ ਉਨ੍ਹਾਂ ਵਿਰੁੱਧ ਦਰਜ ਕੀਤੇ ਜਾਣ ਵਾਲੇ ਮਾਮਲੇ ਸਬੰਧੀ ਅਜੇ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।

ਸੰਦੀਪ ਪਾਠਕ ਦਾ ਸੀ ਵਿਰੋਧ: ਆਪ ਆਗੂ

ਦੂਜੇ ਪਾਸੇ, ‘ਆਪ’ ਆਗੂ ਜੋਬਨ ਰੰਧਾਵਾ ਨੇ ਰਵਨੀਤ ਬਿੱਟੂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਰੰਧਾਵਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਨਹੀਂ ਸੀ, ਸਗੋਂ ਕਾਫ਼ਲੇ ਵਿੱਚ ਜਾ ਰਹੇ ਭਾਜਪਾ ਆਗੂ ਸੰਦੀਪ ਪਾਠਕ ਦੇ ਵਿਰੋਧ ਵਜੋਂ ਕੀਤਾ ਗਿਆ ਸੀ। ਹੁਣ ਇਹ ਜਾਂਚ ਦਾ ਵਿਸ਼ਾ ਹੈ ਕਿ ਅਸਲ ਨਿਸ਼ਾਨਾ ਕੌਣ ਸੀ ਅਤੇ ਮੌਕੇ ‘ਤੇ ਮੌਜੂਦ ਪ੍ਰਦਰਸ਼ਨਕਾਰੀਆਂ ਦੀ ਕੀ ਭੂਮਿਕਾ ਰਹੀ, ਜਿਸ ਦਾ ਖ਼ੁਲਾਸਾ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗਾ।

ਨਸ਼ਾ ਵਿਰੋਧੀ ਪ੍ਰੋਗਰਾਮ ‘ਚ ਸ਼ਾਮਲ ਹੋਣ ਜਾ ਰਹੇ ਸੀ ਬਿੱਟੂ

ਜਾਣਕਾਰੀ ਅਨੁਸਾਰ ਰਵਨੀਤ ਸਿੰਘ ਬਿੱਟੂ ਅੰਮ੍ਰਿਤਸਰ ਤੋਂ ਪਠਾਨਕੋਟ ਵਿਖੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਏ ਸਨ। ਇਸ ਸਫ਼ਰ ਦੌਰਾਨ ਉਨ੍ਹਾਂ ਦਾ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਧਾਰਮਿਕ ਸਮਾਗਮ ਅਤੇ ਲੰਗਰ ਵਿੱਚ ਵੀ ਸ਼ਾਮਲ ਹੋਣ ਦਾ ਪ੍ਰੋਗਰਾਮ ਸੀ। ਪਰ ਇਸੇ ਦੌਰਾਨ ਘਸੀਟਪੁਰਾ ਨੇੜੇ ਉਨ੍ਹਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾ ਲਿਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here