Home latest News ਚੋਣ ਪ੍ਰਕਿਰਿਆ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ, ਚੋਣ ਕਮਿਸ਼ਨ ਅਤੇ ਕੇਂਦਰ...

ਚੋਣ ਪ੍ਰਕਿਰਿਆ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ, ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ

2
0

ਗੁਰਜੀਤ ਸਿੰਘ ਔਜਲਾ ਨੇ ਚੋਣ ਪ੍ਰਣਾਲੀ ‘ਚ ਪਾਰਦਰਸ਼ਤਾ ਨੂੰ ਲੈ ਕੇ ਚਿੰਤਾ ਪ੍ਰਗਟਾਈ।

ਦੇਸ਼ ‘ਚ ਚੋਣ ਪ੍ਰਕਿਰਿਆ, ਵੋਟਰ ਸੂਚੀਆਂ ਤੇ ਲੋਕਤੰਤਰਿਕ ਸੰਸਥਾਵਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਵੱਲੋਂ ਸੋਮਵਾਰ ਨੂੰ ਅੰਮ੍ਰਿਤਸਰ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਸਾਂਸਦ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਅਨਿਲ ਜੋਸ਼ੀ, ਸਾਬਕਾ ਮੰਤਰੀ ਸੁਖਵਿੰਦਰ ਸਿੰਘ ਸੁਖ ਸਰਕਾਰੀਆ ਤੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕੀਤੀ।

ਔਜਲਾ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗੁਰਜੀਤ ਸਿੰਘ ਔਜਲਾ ਨੇ ਚੋਣ ਪ੍ਰਣਾਲੀ ‘ਚ ਪਾਰਦਰਸ਼ਤਾ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਚੋਣ ਪ੍ਰਕਿਰਿਆ ਤੇ ਵੋਟਰ ਸੂਚੀਆਂ ਸਬੰਧੀ ਜਿਹੜੇ ਸਵਾਲ ਚੁੱਕੇ ਜਾ ਰਹੇ ਹਨ, ਉਨ੍ਹਾਂ ਤੇ ਜਨਤਕ ਪੱਧਰ ਤੇ ਵੀ ਚਰਚਾ ਹੋ ਰਹੀ ਹੈ। ਔਜਲਾ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਚੋਣ ਪ੍ਰਕਿਰਿਆ ‘ਚ ਵਧੇਰੇ ਪਾਰਦਰਸ਼ਤਾ ਦੀ ਮੰਗ ਕੀਤੀ।
ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੀ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਵੱਡੀ ਗਿਣਤੀ ‘ਚ ਯੋਗ ਨਾਗਰਿਕਾਂ ਦੇ ਵੋਟ ਦੇ ਅਧਿਕਾਰ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੋਸ਼ੀ ਨੇ ਕਿਹਾ ਕਿ ਦਸਤਾਵੇਜ਼ਾਂ ਨਾਲ ਜੁੜੀਆਂ ਸ਼ਰਤਾਂ ਕਾਰਨ ਗਰੀਬ ਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਰਾਹੁਲ ਗਾਂਧੀ ਵੱਲੋਂ ਚੋਣਾਂ ‘ਚ ਕਥਿਤ ਵੋਟ ਚੋਰੀ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਦਾ ਵੀ ਹਵਾਲਾ ਦਿੱਤਾ।

“ਚੋਣ ਸੁਧਾਰਾਂ ਤੇ ਪਾਰਦਰਸ਼ਤਾ ਦੀ ਲੋੜ”

ਸਾਬਕਾ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁਖ ਸਰਕਾਰੀਆ ਨੇ ਚੋਣ ਸੁਧਾਰਾਂ ਤੇ ਪਾਰਦਰਸ਼ਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਲੈ ਕੇ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪ੍ਰਣਾਲੀ ‘ਚ ਸਪੱਸ਼ਟਤਾ ਤੇ ਨਿਰਪੱਖਤਾ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਭਾਜਪਾ ਦੀਆਂ ਸਿਆਸੀ ਸੰਭਾਵਨਾਵਾਂ ਨੂੰ ਲੈ ਕੇ ਵੀ ਤੰਜ਼ ਕੱਸਿਆ ਤੇ ਕਿਹਾ ਕਿ ਸੂਬੇ ਦੇ ਲੋਕ ਆਪਣੇ ਸਿਆਸੀ ਫ਼ੈਸਲੇ ਖੁਦ ਲੈਂਦੇ ਹਨ।
ਕਾਂਗਰਸ ਆਗੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਪਾਰਟੀ ਵੱਲੋਂ ਚੋਣ ਪ੍ਰਕਿਰਿਆ ਅਤੇ ਲੋਕਤੰਤਰਿਕ ਸੰਸਥਾਵਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਉਠਾਈ ਜਾਂਦੀ ਰਹੇਗੀ। ਪ੍ਰਦਰਸ਼ਨ ਦੌਰਾਨ ਉਨ੍ਹਾਂ ਵੋਟ ਚੋਰ ਗੱਦੀ ਛੋੜ ਦਾ ਨਾਅਰਾ ਵੀ ਲਗਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸੰਘਰਸ਼ ਸਿਰਫ਼ ਸੜਕਾਂ ਤੱਕ ਸੀਮਤ ਨਹੀਂ ਰਹੇਗਾ ਤੇ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਅੱਗੇ ਵੀ ਉਠਾਉਂਦੀ ਰਹੇਗੀ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਚੋਣ ਪ੍ਰਕਿਰਿਆ ‘ਚ ਪਾਰਦਰਸ਼ਤਾ, ਵੋਟਰਾਂ ਦੇ ਅਧਿਕਾਰਾਂ ਦੀ ਸੁਰੱਖਿਆ ਤੇ ਲੋਕਤੰਤਰਿਕ ਸੰਸਥਾਵਾਂ ਦੀ ਕਾਰਗੁਜ਼ਾਰੀ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਚੁੱਕਿਆ।

LEAVE A REPLY

Please enter your comment!
Please enter your name here