Home Crime Moga Shooting Incident: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5...

Moga Shooting Incident: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

9
0

ਇਸ ਗੋਲੀਕਾਂਡ ‘ਚ ਸਾਹਿਲ ਜਿੰਦਲ ਤੇ ਗਗਨਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦਕਿ 3 ਹੋਰ ਵਿਅਕਤੀ ਜ਼ਖ਼ਮੀ ਹੋਏ ਸਨ।

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਮਵਾਰ ਨੂੰ ਮੋਗਾ ਪਹੁੰਚੇ। ਉਨ੍ਹਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਘਟਨਾ ਸਥਾਨ ਦਾ ਦੌਰਾ ਕਰਕੇ ਜਾਂਚ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਗੋਲੀਬਾਰੀ ‘ਚ ਜਾਨ ਗੁਆਉਣ ਵਾਲੇ ਦੋਵੇਂ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।
ਇਸ ਗੋਲੀਕਾਂਡ ‘ਚ ਸਾਹਿਲ ਜਿੰਦਲ ਤੇ ਗਗਨਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦਕਿ 3 ਹੋਰ ਵਿਅਕਤੀ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।

ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ‘ਚ ਹੁਣ ਤੱਕ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੁਨੀਤ ਗਾਬਾ, ਕਿਰਨਪਾਲ ਸਿੰਘ, ਬਲਵਿੰਦਰ ਸਿੰਘ, ਬਲਜੀਤ ਕੌਰ ਤੇ ਜੀਵਨ ਸਿੰਘ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਸਾਊਥ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਵਿਗਿਆਨਕ ਤੇ ਪੇਸ਼ੇਵਰ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਾਰਦਾਤ ‘ਚ ਵਰਤੀ ਗਈ ਸਕਾਰਪੀਓ ਗੱਡੀ ਤੱਕ ਪਹੁੰਚਣ ਲਈ ਵੀ ਜਾਂਚ ਕਰ ਰਹੀ ਹੈ।

ਕਾਲੀ ਸਕਾਰਪੀਓ ‘ਚ ਆਏ ਹਮਲਾਵਰਾਂ ਨੇ ਕੀਤੀ ਸੀ ਫਾਇਰਿੰਗ

ਡੀਜੀਪੀ ਮੁਤਾਬਕ, ਘਟਨਾ ਸਮੇਂ ਸਾਹਿਲ ਜਿੰਦਲ ਆਪਣੇ ਕੁਝ ਸਾਥੀਆਂ ਨਾਲ ਘਰ ਦੇ ਬਾਹਰ ਮੌਜੂਦ ਸੀ। ਇਸੇ ਦੌਰਾਨ ਕਾਲੇ ਰੰਗ ਦੀ ਸਕਾਰਪੀਓ ਗੱਡੀ ‘ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ‘ਚ ਕੁੱਲ ਪੰਜ ਵਿਅਕਤੀ ਜ਼ਖ਼ਮੀ ਹੋਏ ਸਨ, ਜਿਨ੍ਹਾਂ ‘ਚੋਂ ਦੋ ਦੀ ਮੌਤ ਹੋ ਗਈ।

ਦੋਸ਼ੀਆਂ ਨੂੰ ਪਨਾਹ ਦੇਣ ਵਾਲਿਆਂ ਖ਼ਿਲਾਫ਼ ਵੀ ਹੋਵੇਗੀ ਕਾਰਵਾਈ

ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਮੁਲਜ਼ਮਾਂ ਨੂੰ ਪਨਾਹ ਦਿੱਤੀ, ਹਥਿਆਰ ਮੁਹੱਈਆ ਕਰਵਾਏ ਜਾਂ ਕਿਸੇ ਹੋਰ ਤਰੀਕੇ ਨਾਲ ਵਾਰਦਾਤ ‘ਚ ਮਦਦ ਕੀਤੀ ਹੈ, ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਧਾਇਕ ਅਮਰਦੀਪ ਕੌਰ ਅਰੋੜਾ ਨੇ ਵੀ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਮੋਗਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਮਰਦੀਪ ਕੌਰ ਅਰੋੜਾ ਨੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਪੁਲਿਸ ਵੱਲੋਂ ਹੁਣ ਗੋਲੀਬਾਰੀ ‘ਚ ਵਰਤੀ ਗਈ ਗੱਡੀ ਦੀ ਪਛਾਣ ਕਰਨ ਤੇ ਵਾਰਦਾਤ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here