Home latest News ਕਿਸਾਨ ਅੰਦੋਲਨ ਤੋਂ ਲੈ ਕੇ ਮੁੜ ਗੱਠਜੋੜ ਤੱਕ… ਮੋਗਾ ਰੈਲੀ ‘ਚ CM...

ਕਿਸਾਨ ਅੰਦੋਲਨ ਤੋਂ ਲੈ ਕੇ ਮੁੜ ਗੱਠਜੋੜ ਤੱਕ… ਮੋਗਾ ਰੈਲੀ ‘ਚ CM ਮਾਨ ਨੇ ਅਕਾਲੀ ਦਲ ਤੇ ਭਾਜਪਾ ਨੂੰ ਘੇਰਿਆ

2
0
ਮੋਗਾ ‘ਚ ਆਮ ਆਦਮੀ ਪਾਰਟੀ ਦੀ ਖੁਸ਼ਹਾਲ ਪੰਜਾਬ ਮਹਾ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਜੰਮ ਕੇ ਸਿਆਸੀ ਨਿਸ਼ਾਨੇ ਸਾਧੇ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਹ ਲੋਕਾਂ ਨੂੰ ਕੋਈ ਭਾਸ਼ਣ ਦੇਣ ਨਹੀਂ ਆਏ, ਸਗੋਂ ਉਨ੍ਹਾਂ ਨਾਲ ਉਹੀ ਗੱਲਾਂ ਕਰਨ ਆਏ ਹਨ ਜੋ ਆਮ ਤੌਰ ‘ਤੇ ਲੋਕ ਪਿੰਡਾਂ ਦੀਆਂ ਸੱਥਾਂ ‘ਚ ਬੈਠ ਕੇ ਕਰਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਵੱਖ-ਵੱਖ ਪਾਰਟੀਆਂ ਦੇ ਆਗੂ ਇੱਕ-ਦੂਜੇ ਨੂੰ ਗਾਲ੍ਹਾਂ ਕੱਢ ਕੇ ਸਰਕਾਰਾਂ ਬਣਾਉਂਦੇ ਰਹੇ ਤੇ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਪਹਿਲਾਂ ਇੱਕ-ਦੂਜੇ ਖ਼ਿਲਾਫ਼ ਬੋਲਦੇ ਸਨ, ਅੱਜ ਉਹੀ ਸਾਰੇ ਇਕੱਠੇ ਹੋ ਗਏ ਹਨ।
ਮੁੱਖ ਮੰਤਰੀ ਨੇ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 1997 ਤੋਂ 2002 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਰਹੀ, ਜਿਸ ਦੌਰਾਨ ਸੁਖਬੀਰ ਬਾਦਲ ਵੀ ਸਿਆਸਤ ‘ਚ ਸਨ। ਇਸ ਤੋਂ ਬਾਅਦ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਰਹੀ।
ਉਨ੍ਹਾਂ ਕਿਹਾ ਕਿ 2007 ਤੋਂ 2012 ਤੱਕ ਮੁੜ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੀ ਤੇ ਇਸ ਦੌਰਾਨ ਸੁਖਬੀਰ ਬਾਦਲ ਨੇ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ। ਭਗਵੰਤ ਮਾਨ ਨੇ ਇਲਜ਼ਾਮ ਲਾਇਆ ਕਿ ਇਸੇ ਦੌਰ ‘ਚ ਪੰਜਾਬ ‘ਚ ਨਸ਼ਿਆਂ ਦਾ ਮੁੱਦਾ ਵਧਿਆ ਤੇ ਗੈਂਗਸਟਰਵਾਦ ਨੇ ਵੀ ਪੈਰ ਪਸਾਰੇ। ਉਨ੍ਹਾਂ ਆਪਣੇ ਭਾਸ਼ਣ ‘ਚ ਬਿਕਰਮ ਸਿੰਘ ਮਜੀਠੀਆ ਦਾ ਨਾਂ ਲੈਂਦਿਆਂ ਵੀ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 2017 ਤੋਂ 2022 ਤੱਕ ਮੁੜ ਕਾਂਗਰਸ ਦੀ ਸਰਕਾਰ ਬਣੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲੀ। ਇਸ ਤੋਂ ਬਾਅਦ 2022 ‘ਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਦਾ ਮੌਕਾ ਦਿੱਤਾ।
ਅਕਾਲੀ-ਭਾਜਪਾ ਗੱਠਜੋੜ ‘ਤੇ ਸਾਧੇ ਨਿਸ਼ਾਨੇ
ਭਗਵੰਤ ਮਾਨ ਨੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਵੀ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਅਕਾਲੀ ਦਲ ਤੇ ਭਾਜਪਾ ਦੀ ਰੈਲੀ ਹੋਣ ਜਾ ਰਹੀ ਹੈ। ਇਸ ਰੈਲੀ ‘ਚ ਇੱਕੋ ਸਟੇਜ ‘ਤੇ ਨਰਿੰਦਰ ਮੋਦੀ, ਅਮਿਤ ਸ਼ਾਹ, ਸੁਖਬੀਰ ਬਾਦਲ, ਬਿਕਰਮ ਸਿੰਘ ਮਜੀਠੀਆ, ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਰਵਨੀਤ ਬਿੱਟੂ, ਕੇਵਲ ਢਿੱਲੋਂ ਤੇ ਅਸ਼ਵਨੀ ਕੁਮਾਰ ਸਮੇਤ ਕਈ ਆਗੂ ਬੈਠੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰਦੇ ਰਹੇ ਹਨ, ਉਹ ਹੁਣ ਇੱਕ ਮੰਚ ‘ਤੇ ਇਕੱਠੇ ਨਜ਼ਰ ਆਉਣਗੇ।

LEAVE A REPLY

Please enter your comment!
Please enter your name here