ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਖੁਸ਼ਹਾਲ ਪੰਜਾਬ ਮਹਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ‘ਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਕਈ ਆਗੂ ਮੌਜੂਦ ਰਹੇ।
ਰੈਲੀ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸਮਾਗਮ ‘ਚ ਕਰੀਬ 2 ਲੱਖ ਲੋਕ ਪਹੁੰਚ ਚੁੱਕੇ ਹਨ ਤੇ ਵੱਡੀ ਗਿਣਤੀ ‘ਚ ਲੋਕ ਅਜੇ ਵੀ ਰਸਤੇ ‘ਚ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਰੈਲੀ ਪਹਿਲਾਂ ਕਦੇ ਨਹੀਂ ਹੋਈ।
ਕੇਜਰੀਵਾਲ ਨੇ ਕਿਹਾ ਕਿ 26 ਨਵੰਬਰ, 1949 ਨੂੰ ਡਾ. ਬੀ.ਆਰ. ਅੰਬੇਡਕਰ ਨੇ ਸੰਵਿਧਾਨ ਬਣਾਇਆ ਸੀ, ਜਦਕਿ 26 ਨਵੰਬਰ, 2012 ਨੂੰ ਆਮ ਆਦਮੀ ਪਾਰਟੀ ਦੀ ਸਥਾਪਨਾ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਤਫ਼ਾਕ ਨਹੀਂ, ਸਗੋਂ ਉੱਪਰ ਵਾਲੇ ਦਾ ਇੱਕ ਸੰਯੋਗ ਤੇ ਇਸ਼ਾਰਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਅੱਜ ਦੇਸ਼ ‘ਚ ਸੰਵਿਧਾਨ ਨੂੰ ਰੌਂਦਿਆ ਤੇ ਉਸ ਦਾ ਅਪਮਾਨ ਕੀਤਾ ਜਾ ਰਿਹਾ ਹੈ।
ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਥਾਪਨਾ ਇਸ ਦਿਨ ਹੋਣ ਪਿੱਛੇ ਇੱਕ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉੱਪਰ ਵਾਲੇ ਨੇ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦੀ ਸਥਾਪਨਾ ਕਰਕੇ ਸੰਵਿਧਾਨ ਬਚਾਉਣ ਦੀ ਜ਼ਿੰਮੇਵਾਰੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਬਰਾਬਰੀ ਤੇ ਸੰਵਿਧਾਨਕ ਅਧਿਕਾਰਾਂ ਦੀ ਗੱਲ ਕੀਤੀ ਸੀ। ਡਾ. ਅੰਬੇਡਕਰ ਨੇ 1949 ਨੂੰ ਸਭ ਦੀ ਬਰਾਬਰੀ ਦੀ ਗੱਲ ਕਹੀ ਸੀ ਤੇ 2012 ‘ਚ ਆਮ ਆਦਮੀ ਪਾਰਟੀ ਨੇ ਇਹ ਜ਼ਿੰਮੇਵਾਰੀ ਲਈ ਤੇ ਕਿਹਾ ਕਿ ਹੁਣ ਆਮ ਆਦਮੀ ਦੀ ਵਾਰੀ ਹੈ ਤੇ ਹੁਣ ਦੇਸ਼ ਨੇਤਾ ਨਹੀਂ ਸਗੋਂ ਆਮ ਆਦਮੀ ਚਲਾਉਣਗੇ।
ਪੰਜਾਬ ਸਰਕਾਰ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ: ਕੇਜਰੀਵਾਲ
ਪੰਜਾਬ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਹ ਪੰਜ ਸਾਲ ਪਹਿਲਾਂ ਪੰਜਾਬ ਆਏ ਸਨ ਤਾਂ ਲੋਕਾਂ ਨੂੰ ਕਈ ਗਾਰੰਟੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਲੋਕ ਇਨ੍ਹਾਂ ਨੂੰ ‘ਕੇਜਰੀਵਾਲ ਦੀ ਗਾਰੰਟੀ’ ਕਹਿੰਦੇ ਸਨ, ਜਿਸ ਦਾ ਮਤਲਬ ਸੀ ਕਿ ਇਹ ਪੱਕਾ ਵਾਅਦਾ ਹੈ ਤੇ ਇਸ ‘ਚ ਕੋਈ ਧੋਖਾ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਅੱਜ ਉਹ ਲੋਕਾਂ ਦੇ ਸਾਹਮਣੇ ਇਸ ਲਈ ਖੜ੍ਹੇ ਹਨ ਕਿਉਂਕਿ ਉਨ੍ਹਾਂ ਦੇ ਛੋਟੇ ਭਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਹਨ। ਕੇਜਰੀਵਾਲ ਨੇ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਮੁਫ਼ਤ ਇਲਾਜ ਲਈ 10 ਲੱਖ ਰੁਪਏ ਦੇ ਬੀਮਾ ਕਵਰ ਦੀ ਯੋਜਨਾ, ਸਿੱਖਿਆ ਦੇ ਪੱਧਰ ‘ਚ ਸੁਧਾਰ, ਮਹਿਲਾਵਾਂ ਨੂੰ ਵਿੱਤੀ ਸਹਾਇਤਾ ਤੇ ਤੀਰਥ ਯਾਤਰਾ ਵਰਗੀਆਂ ਯੋਜਨਾਵਾਂ ਦਾ ਜ਼ਿਕਰ ਕੀਤਾ।